ਨਵੀਂ ਦਿੱਲੀ/ਬਿਊਰੋ ਨਿਊਜ਼
ਨਰਿੰਦਰ ਮੋਦੀ ਸਰਕਾਰ ਵਲੋਂ ਦਾਅਵਾ ਕੀਤਾ ਗਿਆ ਸੀ ਕਿ ਭਾਰਤ ਦੁਨੀਆ ਦੇ ਸਭ ਤੋਂ ਵੱਧ ਬਰਾਬਰੀ ਵਾਲੇ ਮੁਲਕਾਂ ਵਿਚ ਸ਼ੁਮਾਰ ਹੈ। ਕਾਂਗਰਸ ਨੇ ਸਰਕਾਰ ਦੇ ਇਸ ਦਾਅਵੇ ਨੂੰ ਖਾਰਜ ਕਰਦਿਆਂ ਬੇਈਮਾਨੀ ਕਰਾਰ ਦਿੱਤਾ ਹੈ। ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਮੋਦੀ ਸਰਕਾਰ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਆਪ ਕਰੌਨੋਲੋਜੀ ਸਮਝੀਏ। ਉਨ੍ਹਾਂ ਦੱਸਿਆ ਕਿ ਵਿਸ਼ਵ ਬੈਂਕ ਨੇ ਅਪ੍ਰੈਲ 2025 ਵਿਚ ਭਾਰਤ ਲਈ ਆਪਣੀ ਗਰੀਬੀ ਅਤੇ ਸਮਾਨਤਾ ਜਾਣਕਾਰੀ ਜਾਰੀ ਕੀਤੀ ਸੀ। ਜੈਰਾਮ ਰਮੇਸ਼ ਨੇ ਦਾਅਵਾ ਕੀਤਾ ਕਿ ਜਦੋਂ ਅਸੀਂ ਭਾਰਤ ਦੀ ਆਮਦਨ ਸਮਾਨਤਾ ਦੀ ਤੁਲਨਾ ਦੁਨੀਆ ਦੇ ਬਾਕੀ ਹਿੱਸਿਆਂ ਨਾਲ ਕਰਦੇ ਹਾਂ ਤਾਂ ਭਾਰਤ ਦਾ ਪ੍ਰਦਰਸ਼ਨ ਬਹੁਤ ਮਾੜਾ ਦਿਖਾਈ ਦਿੰਦਾ ਹੈ। ਉੁਨ੍ਹਾਂ ਕਿਹਾ ਕਿ ਭਾਰਤ ਚੌਥਾ ਸਭ ਤੋਂ ਵੱਧ ਬਰਾਬਰੀ ਵਾਲਾ ਸਮਾਜ ਨਹੀਂ ਹੈ, ਇਹ ਅਸਲ ਵਿਚ ਦੁਨੀਆ ਦਾ 40ਵਾਂ ਸਭ ਤੋਂ ਵੱਧ ਨਾਬਰਾਬਰੀ ਵਾਲਾ ਸਮਾਜ ਹੈ।