
ਪੰਜਾਬ ਦਾ ਹਰ ਵਿਅਕਤੀ 10 ਲੱਖ ਰੁਪਏ ਤੱਕ ਕਰਵਾ ਸਕੇਗਾ ਆਪਣਾ ਮੁਫਤ ਇਲਾਜ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵਲੋਂ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਦੀ ਸ਼ੁਰੂਆਤ ਕੀਤੀ ਗਈ। ਇਸ ਯੋਜਨਾ ਤਹਿਤ ਪੰਜਾਬ ਦੇ ਹਰ ਵਿਅਕਤੀ ਨੂੰ 10 ਲੱਖ ਰੁਪਏ ਤੱਕ ਦਾ ਮੁਫਤ ਇਲਾਜ ਮੁਹੱਈਆ ਕਰਵਾਇਆ ਜਾਵੇਗਾ। ਚੰਡੀਗੜ੍ਹ ’ਚ ਇਸ ਮੌਕੇ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿਚ ਸਰਕਾਰ ਵਲੋਂ ਤਿੰਨ ਸਾਲਾਂ ਦੇ ਅੰਦਰ ਹੀ ਲੋਕਾਂ ਦੇ ਲਈ ਮੁਫਤ ਬਿਜਲੀ, ਮੁਫਤ ਸਿੱਖਿਆ ਅਤੇ ਮੁਫਤ ਇਲਾਜ ਦਾ ਬੰਦੋਬਸਤ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਤਹਿਤ ਪੰਜਾਬ ਦੇ ਹਰ ਨਾਗਰਿਕ ਨੂੰ 10 ਲੱਖ ਰੁਪਏ ਤੱਕ ਦਾ ਮੁਫਤ ਇਲਾਜ ਕਰਵਾਉਣ ਦੀ ਸਹੂਲਤ ਮਿਲੇਗੀ। ਉਨ੍ਹਾਂ ਦੱਸਿਆ ਕਿ ਇਸ ਲਈ ਸਿਰਫ ਇਕੋ ਹੀ ਸ਼ਰਤ ਹੈ ਕਿ ਇਲਾਜ ਕਰਵਾਉਣ ਵਾਲਾ ਵਿਅਕਤੀ ਪੰਜਾਬ ਦਾ ਨਾਗਰਿਕ ਹੋਣਾ ਚਾਹੀਦਾ ਹੈ। ਇਸ ਮੌਕੇ ਬੋਲਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਸਕੀਮ ਤਿੰਨ ਮਹੀਨਿਆਂ ਦੇ ਅੰਦਰ ਲਾਗੂ ਹੋ ਜਾਵੇਗੀ ਤੇ ਇਸ ਵਿਚ 65 ਲੱਖ ਦੇ ਕਰੀਬ ਪਰਿਵਾਰਾਂ ਦਾ ਕੈਸ਼ਲੈੱਸ ਬੀਮਾ ਕੀਤਾ ਜਾਵੇਗਾ ਤੇ ਸਾਰੇ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿਚ ਹਰ ਬਿਮਾਰੀ ਦਾ ਮੁਫਤ ਇਲਾਜ ਹੋਵੇਗਾ।

