
20 ਜੁਲਾਈ ਤੋਂ ਸ਼ੁਰੂ ਹੋਵੇਗਾ ਡਰੈਸ ਕੋਡ
ਚੰਡੀਗੜ੍ਹ/ਬਿਊਰੋ ਨਿਊਜ਼
ਚੰਡੀਗੜ੍ਹ ਦੇ ਸਿੱਖਿਆ ਵਿਭਾਗ ਨੇ ਸ਼ਹਿਰ ਦੇ ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਲਈ ਇਕ ਡਰੈਸ ਕੋਡ ਨਿਰਧਾਰਤ ਕਰ ਦਿੱਤਾ ਹੈ, ਜਿਸ ਨੂੰ 20 ਜੁਲਾਈ ਨੂੰ ਲਾਗੂ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਇਸ ਤਹਿਤ ਸਕੂਲਾਂ ਵਿਚ ਪੁਰਸ਼ ਅਧਿਆਪਕਾਂ ਲਈ ਫਾਰਮਲ ਅਤੇ ਮਹਿਲਾ ਅਧਿਆਪਕਾਂ ਲਈ ਸਲਵਾਰ-ਕਮੀਜ਼ ਨਿਰਧਾਰਤ ਕੀਤਾ ਗਿਆ ਹੈ। ਚੰਡੀਗੜ੍ਹ ਸਕੂਲ ਸਿੱਖਿਆ ਦੇ ਡਾਇਰੈਕਟਰ ਹਰਸੁਹਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਸ਼ਹਿਰ ਦੇ ਸਾਰੇ ਸਕੂਲਾਂ ਵਿਚ ਅਧਿਆਪਕਾਂ ਦੇ ਲਈ ਡਰੈਸ ਕੋਡ ਆਉਂਦੀ 20 ਜੁਲਾਈ ਤੋਂ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਅਧਿਆਪਕਾਂ ਲਈ ਡਰੈਸ ਕੋਡ ਲਾਗੂ ਕਰਨ ਦੇ ਬਦਲਾਅ ਨਾਲ ਚੰਡੀਗੜ੍ਹ ਸਰਕਾਰੀ ਸਕੂਲਾਂ ਵਿਚ ਇਸ ਨੂੰ ਲਾਗੂ ਕਰਨ ਵਾਲਾ ਪਹਿਲਾ ਰਾਜ ਜਾਂ ਕੇਂਦਰ ਸ਼ਾਸਤ ਪ੍ਰਦੇਸ਼ ਬਣ ਜਾਵੇਗਾ। ਇਹ ਵੀ ਦੱਸਣਯੋਗ ਹੈ ਕਿ ਅਧਿਆਪਕਾਂ ਨੂੰ ਇਹ ਡਰੈਸ ਹਰ ਸੋਮਵਾਰ ਪਹਿਨਣੀ ਹੋਵੇਗੀ ਅਤੇ ਜਾਂ ਫਿਰ ਵਿਸ਼ੇਸ਼ ਮੌਕਿਆਂ ’ਤੇ ਵੀ ਇਹ ਡਰੈਸ ਕੋਡ ਲਾਗੂ ਕੀਤਾ ਜਾ ਸਕਦਾ ਹੈ।

