ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਸੀਐਮ ਭਗਵੰਤ ਮਾਨ ਅਤੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ/ਬਿਊਰੋ ਨਿਊਜ਼
ਦੁਨੀਆ ਦੇ ਸਭ ਤੋਂ ਵੱਡੀ ਉਮਰ ਦੇ ਐਥਲੀਟ ਫੌਜਾ ਸਿੰਘ ਦਾ 114 ਸਾਲ ਦੀ ਉਮਰ ਵਿਚ ਸੜਕ ਹਾਦਸੇ ਦੌਰਾਨ ਦਿਹਾਂਤ ਹੋ ਗਿਆ ਹੈ। ਦੱਸਿਆ ਗਿਆ ਹੈ ਕਿ ਜਦੋਂ ਫੌਜਾ ਸਿੰਘ ਸੈਰ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਇਕ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ ਅਤੇ ਉਨ੍ਹਾਂ ਦਾ ਦਿਹਾਂਤ ਹੋ ਗਿਆ। ਪੁਲਿਸ ਨੇ ਫੌਜਾ ਸਿੰਘ ਦੇ ਪੁੱਤਰ ਧਰਮਿੰਦਰ ਸਿੰਘ ਦੀ ਸ਼ਿਕਾਇਤ ’ਤੇ ਅਣਪਛਾਤੇ ਵਾਹਨ ਦੇ ਡਰਾਈਵਰ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਫੌਜਾ ਸਿੰਘ ਜਲੰਧਰ ਦੇ ਨੇੜਲੇ ਬਿਆਸ ਪਿੰਡ ਵਿਚ ਆਪਣੇ ਪੁੱਤਰ ਨਾਲ ਰਹਿੰਦੇ ਸਨ। ਫੌਜਾ ਸਿੰਘ ਨੇ 80 ਸਾਲ ਦੀ ਉਮਰ ਵਿਚ ਦੌੜਨਾ ਸ਼ੁਰੂ ਕੀਤਾ ਸੀ। ਫੌਜਾ ਸਿੰਘ ਨੇ ਐਥਲੀਟ ਦੇ ਖੇਤਰ ਵਿਚ ਅਨੇਕਾਂ ਪ੍ਰਾਪਤੀਆਂ ਕੀਤੀਆਂ ਹਨ ਅਤੇ ਉਨ੍ਹਾਂ ਨੂੰ ਅਨੇਕਾਂ ਹੀ ਸਨਮਾਨ ਮਿਲੇ ਸਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫੌਜਾ ਸਿੰਘ ਨੂੰ ਨਿੱਘੀ ਸ਼ਰਧਾਂਜਲੀ ਦਿੱਤੀ ਹੈ ਅਤੇ ਉਨ੍ਹਾਂ ਦੀਆਂ ਪ੍ਰਾਪਤੀਆਂ ਨੂੰ ਯਾਦ ਕੀਤਾ ਹੈ। ਮੋਦੀ ਨੇ ਕਿਹਾ ਕਿ ਫੌਜਾ ਸਿੰਘ ਦਿ੍ਰੜ ਇਰਾਦੇ ਵਾਲੇ ਅਥਲੀਟ ਸਨ। ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਬਹੁਤ ਸਾਰੇ ਧਾਰਮਿਕ ਅਤੇ ਸਿਆਸੀ ਆਗੂਆਂ ਨੇ ਫੌਜਾ ਸਿੰਘ ਨੂੰ ਸ਼ਰਧਾਂਜਲੀ ਦਿੱਤੀ ਹੈ।