
ਚੰਡੀਗੜ੍ਹ/ਬਿਊਰੋ ਨਿਊਜ਼
ਸ਼ੋ੍ਰਮਣੀ ਅਕਾਲੀ ਦਲ ਨੂੰ ਅੱਜ ਖਰੜ ਤੋਂ ਵੱਡਾ ਸਿਆਸੀ ਝਟਕਾ ਲੱਗਾ ਹੈ। ਪਾਰਟੀ ਦੇ ਸੀਨੀਅਰ ਆਗੂ ਅਤੇ ਰੀਅਲ ਅਸਟੇਟ ਕਾਰੋਬਾਰੀ ਰਣਜੀਤ ਸਿੰਘ ਗਿੱਲ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਵਲੋਂ ਇਹ ਅਸਤੀਫਾ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜ ਦਿੱਤਾ ਗਿਆ ਹੈ। ਉਨ੍ਹਾਂ ਆਪਣੇ ਅਸਤੀਫੇ ਵਿਚ ਲਿਖਿਆ ਕਿ ਮੈਂ ਸ਼ੋ੍ਰਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ, ਸਾਰੇ ਅਹੁਦਿਆਂ ਅਤੇ ਜ਼ਿੰਮੇਵਾਰੀਆਂ ਤੋਂ ਅਸਤੀਫਾ ਦਿੰਦਾ ਹਾਂ। ਉਹ ਦੋ ਵਾਰ ਖਰੜ ਵਿਧਾਨ ਸਭਾ ਹਲਕੇ ਤੋਂ ਚੋਣ ਵੀ ਲੜ ਚੁੱਕੇ ਹਨ, ਪਰ ਉਨ੍ਹਾਂ ਨੂੰ ਜਿੱਤ ਹਾਸਲ ਨਹੀਂ ਹੋਈ ਸੀ। ਰਣਜੀਤ ਸਿੰਘ ਗਿੱਲ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਕਰੀਬੀ ਮੰਨੇ ਜਾਂਦੇ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਫੈਸਲਾ ਸਥਾਨਕ ਵਰਕਰਾਂ ਦੀ ਸਲਾਹ ਨਾਲ ਹੀ ਲਿਆ ਹੈ ਅਤੇ ਉਹ ਹੁਣ ਅਕਾਲੀ ਦਲ ਤੋਂ ਪੂਰੀ ਤਰ੍ਹਾਂ ਕਿਨਾਰਾ ਕਰ ਚੁੱਕੇ ਹਨ।

