
ਲੈਂਡ ਪੂਲਿੰਗ ਨੀਤੀ ਖਿਲਾਫ 30 ਜੁਲਾਈ ਨੂੰ ਕੀਤਾ ਜਾਵੇਗਾ ਟਰੈਕਟਰ ਮਾਰਚ
ਚੰਡੀਗੜ੍ਹ/ਬਿਊਰੋ ਨਿਊਜ਼
ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਵਲੋਂ ਅੱਜ ਚੰਡੀਗੜ੍ਹ ਸਥਿਤ ਕਿਸਾਨ ਭਵਨ ਵਿਚ ਆਲ ਪਾਰਟੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਲੈਂਡ ਪੂਲਿੰਗ ਅਤੇ ਪਾਣੀ ਦੇ ਸਮਝੌਤਿਆਂ ਸਣੇ ਚਾਰ ਮੁੱਦਿਆਂ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੀਟਿੰਗ ਤੋਂ ਪੰਜਾਬ ’ਚ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਕਿਨਾਰਾ ਕੀਤਾ ਅਤੇ ਉਸਦਾ ਕੋਈ ਵੀ ਨੇਤਾ ਮੀਟਿੰਗ ਵਿਚ ਸ਼ਾਮਲ ਨਹੀਂ ਹੋਇਆ, ਜਦੋਂ ਕਿ 10 ਸਿਆਸੀ ਪਾਰਟੀਆਂ ਦੇ ਆਗੂ ਮੀਟਿੰਗ ਵਿਚ ਸ਼ਾਮਲ ਹੋਏ। ਕਿਸਾਨਾਂ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਲੈਂਡ ਪੂਲਿੰਗ ਅਤੇ ਫਰੀ ਟਰੇਡ ਐਗਰੀਮੈਂਟ ਦੇ ਖਿਲਾਫ ਲੰਬੀ ਜੰਗ ਲੜੇਗੀ ਜਾਵੇਗੀ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਅਸੀਂ ਇਸ ਪਾਲਿਸੀ ਦੀ ਵਾਪਸੀ ਤੱਕ ਲੜਾਈ ਲੜਾਂਗੇ। ਕਿਸਾਨ ਆਗੂਆਂ ਨੇ ਕਿਹਾ ਕਿ ਸਾਡੇ ਵਲੋਂ ਪੰਜਾਬ ’ਚ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਨੂੰ ਘਰ ਜਾ ਕੇ ਸੱਦਾ ਦਿੱਤਾ ਗਿਆ ਸੀ, ਪਰ ਉਹ ਮੀਟਿੰਗ ਵਿਚ ਸ਼ਾਮਲ ਨਹੀਂ ਹੋਏ। ਕਿਸਾਨ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਕਿਸਾਨ ਨਹੀਂ, ਉਹ ਅੱਜ ਵੀ ਕਾਮੇਡੀਅਨ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ’ਚ ਜਿਨ੍ਹਾਂ ਥਾਵਾਂ ’ਤੇ ਲੈਂਡ ਪੂਲਿੰਗ ਪਾਲਸੀ ਲਾਗੂ ਹੋਈ ਹੈ, ਉਨ੍ਹਾਂ ਜ਼ਿਲ੍ਹਿਆਂ ਵਿਚ 30 ਜੁਲਾਈ ਨੂੰ ਟਰੈਕਟਰ ਮਾਰਚ ਕੀਤਾ ਜਾਵੇਗਾ।

