
ਸੀਐਮ ਮਾਨ ਨੇ ਕਿਹਾ : ਗੁਰੂ ਸਾਹਿਬ ਸਾਰਿਆਂ ਦੇ ਸਾਂਝੇ
ਅੰਮਿ੍ਰਤਸਰ/ਬਿਊਰੋ ਨਿਊਜ਼
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਪੁਰਬ ਮੌਕੇ ਪੰਜਾਬ ਸਰਕਾਰ ਵੱਲੋਂ ਵੱਖਰਾ ਸਰਕਾਰੀ ਸਮਾਗਮ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਚੱਲਦਿਆਂ ਐਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਰਕਾਰ ਦੇ ਇਸ ਐਲਾਨ ’ਤੇ ਸਖ਼ਤ ਇਤਰਾਜ਼ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖਾਂ ਦੀ ਸਰਵਉੱਚ ਧਾਰਮਿਕ ਸੰਸਥਾ ਹੋਣ ਕਾਰਨ ਸ਼੍ਰੋਮਣੀ ਕਮੇਟੀ ਸਿੱਖ ਸੰਗਠਨਾਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਇਤਿਹਾਸਕ ਸ਼ਤਾਬਦੀ ਸਮਾਗਮ ਕਰਵਾਉਣ ਦੀ ਹੱਕਦਾਰ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰਾਂ ਦਾ ਕੰਮ ਸੰਗਤ ਨੂੰ ਸਹੂਲਤਾਂ ਪ੍ਰਦਾਨ ਕਰਨਾ ਹੈ, ਧਾਰਮਿਕ ਮਾਮਲਿਆਂ ਵਿੱਚ ਦਖਲਅੰਦਾਜ਼ੀ ਕਰਨਾ ਨਹੀਂ ਹੈ। ਐਡਵੋਕੇਟ ਧਾਮੀ ਨੇ ਦੁਹਰਾਇਆ ਕਿ ਸ਼੍ਰੋਮਣੀ ਕਮੇਟੀ ਪਹਿਲਾਂ ਹੀ ਐਲਾਨ ਕਰ ਚੁੱਕੀ ਹੈ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਦੇ ਪ੍ਰਮੁੱਖ ਨੁਮਾਇੰਦਿਆਂ ਨੂੰ ਸ਼ਤਾਬਦੀ ਸਮਾਗਮਾਂ ਵਿੱਚ ਸੱਦਾ ਦਿੱਤਾ ਜਾਵੇਗਾ। ਉਧਰ ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਗੁਰੂ ਸਾਹਿਬ ਸਾਰਿਆਂ ਦਾ ਸਾਂਝੇ ਹਨ ਅਤੇ ਉਨ੍ਹਾਂ ਦੇ ਸ਼ਹੀਦੀ ਸਮਾਗਮ ਬਹੁਤ ਸਾਰੀਆਂ ਹੋਰ ਸੰਸਥਾਵਾਂ ਵੀ ਮਨਾਉਣਗੀਆਂ ਕਿਉਂਕਿ ਇਹ ਸ਼ਹੀਦੀ ਸਮਾਗਮ ਮਨਾਉਣ ਦਾ ਸਭ ਨੂੰ ਹੱਕ ਹੈ।

