
ਗੱਡੀਆਂ ਦੀ ਖਰੀਦ ’ਚ ਧਾਂਦਲੀਆਂ ਹੋਣ ਦੇ ਲਗਾਏ ਆਰੋਪ
ਚੰਡੀਗੜ੍ਹ/ਬਿਊਰੋ ਨਿਊਜ਼
ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ’ਤੇ ਸਵਾਲ ਚੁੱਕੇ ਹਨ। ਖਹਿਰਾ ਨੇ ਆਰੋਪ ਲਗਾਉਂਦਿਆਂ ਕਿਹਾ ਕਿ ਪਿਛਲੇ ਸਾਲ 144 ਦੇ ਕਰੀਬ ਟੋਇਟਾ ਕੰਪਨੀ ਦੀਆਂ ਕਾਰਾਂ ਪੰਜਾਬ ਸਰਕਾਰ ਨੇ ਸੜਕ ਸੁਰੱਖਿਆ ਫੋਰਸ ਲਈ ਖਰੀਦੀਆਂ ਸਨ। ਖਹਿਰਾ ਨੇ ਕਿਹਾ ਕਿ ਇਨ੍ਹਾਂ ਗੱਡੀਆਂ ਦੀ ਖਰੀਦ ਵਿਚ ਵੱਡੇ ਪੱਧਰ ’ਤੇ ਧਾਂਦਲੀਆਂ ਹੋਈਆਂ ਹਨ। ਖਹਿਰਾ ਨੇ ਇਹ ਦੋਸ਼ ਚੰਡੀਗੜ੍ਹ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਲਗਾਏ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਬਿਨਾ ਕਿਸੇ ਵਿਸ਼ੇਸ਼ ਰਿਆਇਤ ਤੋਂ ਇਕ ਪ੍ਰਾਈਵੇਟ ਡੀਲਰ ਰਾਹੀਂ ਇਹ ਗੱਡੀਆਂ ਖਰੀਦੀਆਂ ਹਨ। ਖਹਿਰਾ ਨੇ ਕਿਹਾ ਕਿ ਜੇਕਰ ਸਰਕਾਰ ਕੰਪਨੀ ਦੇ ਉਚ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਇਹ ਕਾਰਾਂ ਦੀ ਖਰੀਦ ਕਰਦੀ ਤਾਂ ਕਰੋੜਾਂ ਰੁਪਏ ਦਾ ਫਾਇਦਾ ਪੰਜਾਬ ਦੇ ਖਜ਼ਾਨੇ ਨੂੰ ਹੋ ਸਕਦਾ ਸੀ।

