
ਭਾਰਤ ਤੇ ਬਰਤਾਨੀਆ ਵਲੋਂ ਮੁਕਤ ਵਪਾਰ ਸਮਝੌਤੇ ’ਤੇ ਦਸਤਖਤ
ਲੰਡਨ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਲੰਡਨ ਵਿਚ ਬਿ੍ਰਟਿਸ਼ ਪ੍ਰਧਾਨ ਮੰਤਰੀ ਕੀਰ ਸਟਾਰਮਰ ਨਾਲ ਮੁਲਾਕਾਤ ਕੀਤੀ ਹੈ। ਪ੍ਰਧਾਨ ਮੰਤਰੀ ਮੋਦੀ ਦੋ ਦਿਨਾਂ ਦੇ ਦੌਰੇ ’ਤੇ ਲੰਡਨ ਪਹੁੰਚੇ ਹੋਏ ਹਨ। ਇਸ ਦੌਰਾਨ ਅੱਜ ਦੋਵਾਂ ਆਗੂਆਂ ਦੀ ਮੌਜੂਦਗੀ ਵਿਚ ਭਾਰਤ ਅਤੇ ਬਿ੍ਰਟੇਨ ਵਿਚਕਾਰ ਮੁਕਤ ਵਪਾਰ ਸਮਝੌਤੇ ’ਤੇ ਦਸਤਖਤ ਕੀਤੇ ਗਏ ਹਨ। ਸਮਝੌਤੇ ਤੋਂ ਬਾਅਦ ਸਾਂਝੀ ਪ੍ਰੈਸ ਕਾਨਫਰੰਸ ਦੌਰਾਨ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਯੂ.ਕੇ. ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਕਿਹਾ ਕਿ ਇਹ ਇਕ ਅਜਿਹਾ ਸੌਦਾ ਹੈ, ਜੋ ਦੋਵੇਂ ਦੇਸ਼ਾਂ ਨੂੰ ਵੱਡੇ ਲਾਭ ਦੇਵੇਗਾ। ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅੱਜ ਸਾਡੇ ਸਬੰਧਾਂ ਲਈ ਇਕ ਇਤਿਹਾਸਕ ਦਿਨ ਹੈ। ਉਨ੍ਹਾਂ ਕਿਹਾ ਕਿ ਕਈ ਸਾਲਾਂ ਦੀ ਮਿਹਨਤ ਤੋਂ ਬਾਅਦ ਅੱਜ ਦੋਵਾਂ ਦੇਸ਼ਾਂ ਨੇ ਵਿਆਪਕ ਆਰਥਿਕ ਅਤੇ ਵਪਾਰ ਸਮਝੌਤੇ ’ਤੇ ਦਸਤਖਤ ਕੀਤੇ ਹਨ।

