ਸ੍ਰੀਨਗਰ/ਬਿਊਰੋ ਨਿਊਜ਼
ਜੰਮੂ ਕਸ਼ਮੀਰ ਵਿਚ ਸ੍ਰੀਨਗਰ ਦੇ ਲਿਡਵਾਸ ਇਲਾਕੇ ਵਿਚ ਭਾਰਤੀ ਫੌਜ ਨੇ 3 ਅੱਤਵਾਦੀਆਂ ਨੂੰ ਮੁਕਾਬਲੇ ਦੌਰਾਨ ਮਾਰ ਮੁਕਾਇਆ ਹੈ। ਇਸ ਸਬੰਧੀ ਜਾਣਕਾਰੀ ਭਾਰਤੀ ਫੌਜ ਦੀ ਚਿਨਾਰ ਕੋਰਪਸ ਵਲੋਂ ਦਿੱਤੀ ਹੈ। ਫੌਜੀ ਅਧਿਕਾਰੀਆਂ ਨੇ ਦੱਸਿਆ ਕਿ ਅਪਰੇਸ਼ਨ ਮਹਾਂਦੇਵ ਦੇ ਤਹਿਤ ਇਹ ਕਾਰਵਾਈ ਕੀਤੀ ਗਈ ਹੈ। ਮੀਡੀਆ ਰਿਪੋਰਟਾਂ ਤੋਂ ਮਿਲ ਰਹੀ ਜਾਣਕਾਰੀ ਮੁਤਾਬਕ ਮਾਰੇ ਗਏ 3 ਅੱਤਵਾਦੀਆਂ ਦੇ ਲਿੰਕ ਪਹਿਲਗਾਮ ਹਮਲੇ ਨਾਲ ਜੁੜੇ ਹੋ ਸਕਦੇ ਹਨ। ਹਾਲਾਂਕਿ ਫੌਜ ਵਲੋਂ ਇਸ ਤਰ੍ਹਾਂ ਦੀ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ। ਭਾਰਤੀ ਫੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ ਖੁਫੀਆ ਜਾਣਕਾਰੀ ਮਿਲਣ ਤੋਂ ਬਾਅਦ ਸਰਚ ਅਪਰੇਸ਼ਨ ਚਲਾਇਆ ਗਿਆ ਸੀ। ਇਸ ਦੌਰਾਨ ਦੂਰ ਤੋਂ ਦੋ ਵਾਰ ਗੋਲੀਆਂ ਚੱਲਣ ਦੀ ਆਵਾਜ਼ ਸੁਣੀ ਗਈ ਅਤੇ ਇਸ ਦੌਰਾਨ ਇਲਾਕੇ ਵਿਚ ਸੁਰੱਖਿਆ ਬਲਾਂ ਦੀ ਤੈਨਾਤੀ ਵਧਾ ਦਿੱਤੀ ਗਈ ਸੀ। ਦੱਸਿਆ ਗਿਆ ਕਿ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਇਹ ਮੁਕਾਬਲਾ ਡਾਚੀਗਾਮ ਨੈਸ਼ਨਲ ਪਾਰਕ ਦੇ ਨੇੜੇ ਹੋਇਆ ਹੈ।