
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ 48 ਘੰਟਿਆਂ ’ਚ ਮੰਗੀ ਰਿਪੋਰਟ
ਜਲੰਧਰ/ਬਿਊਰੋ ਨਿਊਜ਼
ਜਲੰਧਰ ਦੇ ਸਿਵਲ ਹਸਪਤਾਲ ਦੇ ਟਰੋਮਾ ਵਾਰਡ ਵਿਚ ਆਕਸੀਜਨ ਦੀ ਸਪਲਾਈ ਬੰਦ ਹੋਣ ਕਾਰਨ ਤਿੰਨ ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਹ ਤਿੰਨੋਂ ਮਰੀਜ਼ ਵੱਖ-ਵੱਖ ਬਿਮਾਰੀਆਂ ਤੋਂ ਪੀੜਤ ਸਨ। ਡਿਊਟੀ ’ਤੇ ਮੌਜੂੁਦ ਡਾਕਟਰਾਂ ਦਾ ਕਹਿਣਾ ਹੈ ਕਿ ਇਹ ਹਾਦਸਾ ਤਕਨੀਕੀ ਨੁਕਸ ਕਾਰਨ ਹੋਇਆ ਹੈ ਤੇ ਇਸ ਨੁਕਸ ਨੂੰ ਤੁਰੰਤ ਠੀਕ ਕਰ ਦਿੱਤਾ ਗਿਆ। ਡਾਕਟਰਾਂ ਨੇ ਦੱਸਿਆ ਇਨ੍ਹਾਂ ਮਰੀਜ਼ਾਂ ਦੀ ਹਾਲਤ ਪਹਿਲਾਂ ਹੀ ਗੰਭੀਰ ਸੀ। ਮੀਡੀਆ ਰਿਪੋਰਟਾਂ ਅਨੁਸਾਰ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਆਕਸੀਜਨ ਦੀ ਸਪਲਾਈ ਬੰਦ ਹੋਣ ਤੋਂ ਬਾਅਦ ਅਲਾਰਮ ਵੱਜਦਾ ਹੈ, ਪਰ ਡਿਊਟੀ ’ਤੇ ਮੌਜੂਦ ਡਾਕਟਰਾਂ ਨੇ ਧਿਆਨ ਨਹੀਂ ਦਿੱਤਾ। ਇਸਦੇ ਚੱਲਦਿਆਂ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੀ ਜਲੰਧਰ ਦੇ ਸਿਵਲ ਹਸਪਤਾਲ ਪਹੁੰਚੇ। ਉਨ੍ਹਾਂ ਨੇ ਹਸਪਤਾਲ ਵਿਚ ਆਕਸੀਜਨ ਦੀ ਸਪਲਾਈ ਬੰਦ ਹੋਣ ਕਾਰਨ ਤਿੰਨ ਮਰੀਜ਼ਾਂ ਦੀ ਹੋਈ ਮੌਤ ’ਤੇ ਦੁੱਖ ਪ੍ਰਗਟ ਕੀਤਾ ਹੈ। ਸਿਹਤ ਮੰਤਰੀ ਨੇ ਇਸ ਘਟਨਾ ਨੂੰ ਲੈ ਕੇ 48 ਘੰਟਿਆਂ ’ਚ ਜਾਂਚ ਰਿਪੋਰਟ ਮੰਗ ਲਈ ਹੈ ਅਤੇ ਕਿਹਾ ਕਿ ਜੇਕਰ ਹਸਪਤਾਲ ਦੇ ਸਟਾਫ ਦੀ ਕੋਈ ਗਲਤੀ ਜਾਂ ਲਾਪਰਵਾਹੀ ਸਾਹਮਣੇ ਆਈ ਤਾਂ ਉਸ ਖਿਲਾਫ ਸਖਤ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।

