
ਜ਼ਮਾਨਤ ਅਰਜ਼ੀ ’ਤੇ ਹੁਣ 1 ਅਗਸਤ ਨੂੰ ਹੋਵੇਗੀ ਸੁਣਵਾਈ
ਚੰਡੀਗੜ੍ਹ/ਬਿਊਰੋ ਨਿਊਜ਼
ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮੁਹਾਲੀ ਅਦਾਲਤ ਨੇ ਅਜੇ ਤੱਕ ਕੋਈ ਰਾਹਤ ਨਹੀਂ ਦਿੱਤੀ ਹੈ। ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਆਰੋਪਾਂ ਤਹਿਤ ਮਜੀਠੀਆ ਨਾਭਾ ਦੀ ਜੇਲ੍ਹ ਵਿਚ ਬੰਦ ਹਨ। ਇਸੇ ਦੌਰਾਨ ਮੁਹਾਲੀ ਦੀ ਅਦਾਲਤ ਵਿਚ ਮਜੀਠੀਆ ਦੀ ਜ਼ਮਾਨਤ ਅਰਜ਼ੀ ’ਤੇ ਅੱਜ ਸਵੇਰੇ ਸੁਣਵਾਈ ਹੋਈ ਅਤੇ ਦੋਵੇਂ ਧਿਰਾਂ ਦੇ ਵਕੀਲਾਂ ਨੇ ਆਪਣੀਆਂ ਆਪਣੀਆਂ ਦਲੀਲਾਂ ਪੇਸ਼ ਕੀਤੀਆਂ। ਇਸ ਤੋਂ ਬਾਅਦ ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ ਆਉਂਦੀ 1 ਅਗਸਤ ਤੱਕ ਟਾਲ ਦਿੱਤੀ ਹੈ। ਉਧਰ ਦੂਜੇ ਪਾਸੇ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਦੀ ਅਗਵਾਈ ਵਿਚ ਅਕਾਲੀ ਦਲ ਦਾ ਇਕ ਵਫਦ ਜੇਲ੍ਹ ’ਚ ਬੰਦ ਬਿਕਰਮ ਸਿੰਘ ਮਜੀਠੀਆ ਨੂੰ ਮਿਲਣ ਵੀ ਗਿਆ। ਇਸ ਵਫਦ ਵਿਚ ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਸਿਕੰਦਰ ਸਿੰਘ ਮਲੂਕਾ ਵੀ ਸ਼ਾਮਲ ਸਨ।

