
ਭਗਵੰਤ ਮਾਨ ਅਤੇ ਕੇਜਰੀਵਾਲ ’ਤੇ ਕਿਸਾਨਾਂ ਦੀ ਜ਼ਮੀਨ ਖੋਹਣ ਦੇ ਲਗਾਏ ਆਰੋਪ
ਬਠਿੰਡਾ/ਬਿਊਰੋ ਨਿਊਜ਼
ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਮਾਮਲੇ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਵੱਲੋਂ ਬਠਿੰਡਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਅੱਜ ਸੋਮਵਾਰ ਨੂੰ ਰੋਸ ਧਰਨਾ ਦਿੱਤਾ ਗਿਆ। ਇਸ ਧਰਨੇ ਦੀ ਅਗਵਾਈ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤੀ। ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਜਨਤਾ ਸ਼੍ਰੋਮਣੀ ਅਕਾਲੀ ਦਲ ਨਾਲ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਲੈਂਡ ਪੂਲਿੰਗ ਦੀ ਆੜ ’ਚ ਕਿਸਾਨਾਂ ਦੀ ਜ਼ਮੀਨ ਖੋਹਣ ’ਤੇ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਇਹ ਸਕੀਮ ਕਿਸਾਨ ਵਿਰੋਧੀ ਅਤੇ ਜ਼ਮੀਨ ਦਲਾਲੀ ਨੂੰ ਵਧਾਵਾ ਦੇਣ ਵਾਲੀ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਬਠਿੰਡਾ ਸਮੇਤ ਪੰਜਾਬ ਦੇ ਕਈ ਹਿੱਸਿਆਂ ’ਚ ਲੋਕਾਂ ਦੀਆਂ ਜ਼ਮੀਨਾਂ ਨੂੰ ਵਿਕਾਸ ਦੇ ਨਾਮ ’ਤੇ ਜਬਰੀ ਹਥਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸਨੂੰ ਅਕਾਲੀ ਦਲ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ। ਇਸੇ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੀ ਸਿਹਤ ਵੀ ਵਿਗੜ ਗਈ ਸੀ, ਜਿਨ੍ਹਾਂ ਨੂੰ ਤੁਰੰਤ ਹੀ ਹਸਪਤਾਲ ਲਿਜਾਇਆ ਗਿਆ।

