
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਵਿਖੇ ਲੋਕ ਸਭਾ ’ਚ ਪਹੁੰਚ ਗਏ ਅਤੇ ਉਨ੍ਹਾਂ ਨੇ ਲੋਕ ਸਭਾ ਦੇ ਸਪੀਕਰ ਅਤੇ ਪੁਰਾਣੇ ਸੰਸਦ ਮੈਂਬਰਾਂ ਨਾਲ ਗੱਲਬਾਤ ਕੀਤੀ। ਸੀਐਮ ਮਾਨ ਨੇ ਕਿਹਾ ਕਿ ਸਾਡੇ ਸੰਸਦ ਮੈਂਬਰ ਸੰਜੇ ਸਿੰਘ ਤੇ ਹੋਰ ਸੰਸਦ ਮੈਂਬਰਾਂ ਨੇ ਕਿਹਾ ਕਿ ਤੁਸੀਂ ਦਿੱਲੀ ਆਏ ਹੋ ਤਾਂ ਸੰਸਦ ਭਵਨ ਵੀ ਚਲੋ। ਇਸ ਕਰਕੇ ਮੈਂ ਸੰਸਦ ਵਿਚ ਆ ਗਿਆ। ਭਗਵੰਤ ਮਾਨ ਨੇ ਕਿਹਾ ਕਿ ਮੈਂ ਐਸ.ਵਾਈ.ਐਲ. ਦੇ ਮੁੱਦੇ ’ਤੇ ਜਲ ਸ਼ਕਤੀ ਮੰਤਰੀ ਸੀ.ਆਰ. ਪਾਟਿਲ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕਰਨ ਲਈ ਦਿੱਲੀ ਆਇਆ ਸੀ। ਸੀਐਮ ਮਾਨ ਨੇ ਕਿਹਾ ਕਿ ਸਾਡੀ ਹਰਿਆਣਾ ਨਾਲ ਕੋਈ ਲੜਾਈ ਨਹੀਂ ਹੈ, ਪਰ ਸਾਡੇ ਕੋਲ ਪਾਣੀ ਨਹੀਂ ਹੈ। ਉਨ੍ਹਾਂ ਕਿਹਾ ਕਿ ਐਸ.ਵਾਈ.ਐਲ. ਸਬੰਧੀ ਵਿਵਾਦ ਉਦੋਂ ਤੋਂ ਚੱਲ ਰਿਹਾ, ਜਦੋਂ ਮੇਰੇ ਪਿਤਾ ਦੋ ਸਾਲਾਂ ਦੇ ਸਨ ਅਤੇ ਇਹ ਵਿਵਾਦ ਹੋਰ ਲੰਬਾ ਚੱਲਣ ਵਾਲਾ ਹੈ।

