
ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ’ਚ ਕੰਟਰੋਲ ਰੂਮ ਸਥਾਪਿਤ
ਚੰਡੀਗੜ੍ਹ/ਬਿਊਰੋ ਨਿਊਜ਼
ਪਹਾੜੀ ਇਲਾਕਿਆਂ ਵਿੱਚ ਜ਼ਿਆਦਾ ਮੀਂਹ ਪੈਣ ਤੋਂ ਬਾਅਦ ਪੰਜਾਬ ਦੇ ਡੈਮਾਂ ਵਿੱਚ ਪਾਣੀ ਦਾ ਪੱਧਰ ਲਗਾਤਾਰ ਵਧ ਰਿਹਾ ਹੈ। ਇਸ ਲਈ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਕੰਟਰੋਲ ਰੂਮ ਸਥਾਪਤ ਕਰ ਦਿੱਤੇ ਹਨ। ਇੱਕ ਸੀਨੀਅਰ ਸਰਕਾਰੀ ਅਧਿਕਾਰੀ ਨੇ ਕਿਹਾ ਕਿ ਇਹ ਕੰਟਰੋਲ ਰੂਮ 24 ਘੰਟੇ ਕੰਮ ਕਰਨਗੇ ਅਤੇ ਸੰਵੇਦਨਸ਼ੀਲ ਤੇ ਹੜ੍ਹ ਪ੍ਰਭਾਵਿਤ ਖੇਤਰਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਭਾਖੜਾ ਡੈਮ, ਪੌਂਗ ਡੈਮ ਤੇ ਰਣਜੀਤ ਸਾਗਰ ਡੈਮ ਵਿਚ ਪਾਣੀ ਦਾ ਪੱਧਰ ਦਿਨੋਂ-ਦਿਨ ਵਧਿਆ ਹੈ। ਇਸਦੇ ਚੱਲਦਿਆਂ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਸੁਚੇਤ ਰਹਿਣ ਅਤੇ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਕਿਸੇ ਵੀ ਐਮਰਜੈਂਸੀ ਹਾਲਤ ਵਿੱਚ ਸਮੇਂ ਸਿਰ ਚੇਤਾਵਨੀਆਂ ਜਾਰੀ ਕੀਤੀਆਂ ਜਾਣ। ਇਹ ਵੀ ਦੱਸਿਆ ਗਿਆ ਕਿ ਹਰੇਕ ਕੰਟਰੋਲ ਰੂਮ ਇੱਕ ਜੂਨੀਅਰ ਇੰਜਨੀਅਰ ਦੀ ਨਿਗਰਾਨੀ ਹੇਠ ਕੰਮ ਕਰ ਰਿਹਾ ਹੈ।

