
ਲੋਕ ਸਭਾ ’ਚ ਜਸਟਿਸ ਵਰਮਾ ਖਿਲਾਫ ਮਹਾਦੋਸ਼ ਦਾ ਮਤਾ ਮਨਜੂਰ
ਨਵੀਂ ਦਿੱਲੀ/ਬਿਊਰੋ ਨਿਊਜ਼
ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੇ ਨਕਦੀ ਘੁਟਾਲੇ ਦੇ ਮਾਮਲੇ ਵਿਚ ਇਲਾਹਾਬਾਦ ਹਾਈਕੋਰਟ ਦੇ ਜਸਟਿਸ ਯਸ਼ਵੰਤ ਵਰਮਾ ਵਿਰੁੱਧ ਮਹਾਂਦੋਸ਼ ਦੇ ਮਤੇ ਨੂੰ ਮਨਜੂਰੀ ਦੇ ਦਿੱਤੀ ਹੈ। ਸਪੀਕਰ ਨੇ ਕਿਹਾ ਕਿ ਮੈਨੂੰ ਰਵੀ ਸ਼ੰਕਰ ਪ੍ਰਸਾਦ ਅਤੇ ਵਿਰੋਧੀ ਧਿਰ ਦੇ ਨੇਤਾ ਸਣੇ 146 ਮੈਂਬਰਾਂ ਦੇ ਦਸਤਖਤਾਂ ਵਾਲਾ ਮਤਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਹ ਮਤਾ ਯਸ਼ਵੰਤ ਵਰਮਾ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕਰਦਾ ਹੈ ਅਤੇ ਇਸ ਮਤੇ ਨੂੰ ਸਵੀਕਾਰ ਕਰ ਲਿਆ ਗਿਆ ਹੈ। ਇਸੇ ਦੌਰਾਨ ਸਪੀਕਰ ਓਮ ਬਿਰਲਾ ਨੇ ਯਸ਼ਵੰਤ ਵਰਮਾ ਖਿਲਾਫ ਦੋਸ਼ਾਂ ਦੀ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਐਲਾਨ ਦਿੱਤੀ ਹੈ। ਸੁਪਰੀਮ ਕੋਰਟ ਦੇ ਜੱਜ ਅਰਵਿੰਦ ਕੁਮਾਰ, ਮਦਰਾਸ ਹਾਈਕੋਰਟ ਦੇ ਚੀਫ ਜਸਟਿਸ ਮਨਿੰਦਰ ਮੋਹਨ ਸ੍ਰੀਵਾਸਤਵ ਅਤੇ ਕਾਨੂੰਨਦਾਨ ਬੀ.ਵੀ. ਆਚਾਰੀਆ ਜਸਟਿਸ ਵਰਮਾ ਵਿਰੁੱਧ ਦੋਸ਼ਾਂ ਦੀ ਜਾਂਚ ਕਰਨਗੇ। ਜ਼ਿਕਰਯੋਗ ਹੈ ਕਿ ਜਸਟਿਸ ਵਰਮਾ ਨੂੰ ਨਵੀਂ ਦਿੱਲੀ ਸਥਿਤ ਉਨ੍ਹਾਂ ਦੇ ਸਰਕਾਰੀ ਨਿਵਾਸ ਦੇ ਸਟੋਰ ਰੂਮ ਵਿਚ ਭਾਰੀ ਮਾਤਰਾ ਵਿਚ ਨਕਦੀ ਦੀ ਬਰਾਮਦਗੀ ਲਈ ਦੋਸ਼ੀ ਠਹਿਰਾਇਆ ਗਿਆ ਸੀ। ਭਾਰਤ ਦੇ ਸਾਬਕਾ ਚੀਫ ਜਸਟਿਸ ਸੰਜੀਵ ਖੰਨਾ ਨੇ 8 ਮਈ ਨੂੰ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਜਸਟਿਸ ਖੰਨਾ ਨੂੰ ਅਹੁਦੇ ਤੋਂ ਹਟਾਉਣ ਦੀ ਸਿਫਾਰਸ਼ ਕੀਤੀ ਸੀ।

