
ਲਗਾਤਾਰ ਪੈ ਰਹੇ ਮੀਂਹ ਤੇ ਅਗਲੇ ਦਿਨਾਂ ’ਚ ਮੌਸਮ ਖਰਾਬ ਰਹਿਣ ਕਰਕੇ ਮੈਨੇਜਮੈਂਟ ਟਰੱਸਟ ਨੇ ਲਿਆ ਫੈਸਲਾ
ਅੰਮਿ੍ਰਤਸਰ/ਬਿਊਰੋ ਨਿਊਜ਼
ਉੱਤਰਾਖੰਡ ਵਿਚ ਲਗਾਤਾਰ ਪੈ ਰਹੇ ਮੀਂਹ ਅਤੇ ਅਗਲੇ ਦਿਨਾਂ ਵਿਚ ਹੋਰ ਮੀਂਹ ਪੈਣ ਦੀ ਭਵਿੱਖਬਾਣੀ ਦੇ ਮੱਦੇਨਜ਼ਰ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਦੋ ਦਿਨ 13 ਅਤੇ 14 ਅਗਸਤ ਲਈ ਰੋਕ ਦਿੱਤੀ ਗਈ ਹੈ। ਭਾਰੀ ਮੀਂਹ ਦੀ ਸੰਭਾਵਨਾ ਕਰਕੇ ਸੂਬੇ ਵਿੱਚ ਅਲਰਟ ਵੀ ਜਾਰੀ ਕੀਤਾ ਗਿਆ ਹੈ। ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਅਗਲੇ ਕੁਝ ਦਿਨ ਲਗਾਤਾਰ ਭਾਰੀ ਮੀਂਹ ਪੈਣ ਦੀ ਸੰਭਾਵਨਾ ਕਾਰਨ ਚਮੋਲੀ ਦੇ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਬਦਰੀਨਾਥ ਮਾਰਗ ਨੂੰ ਦੋ ਦਿਨਾਂ ਲਈ ਬੰਦ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਇਸਦੇ ਚੱਲਦਿਆਂ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਦੋ ਦਿਨਾਂ ਲਈ ਰੋਕ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਹੇਮਕੁੰਟ ਸਾਹਿਬ ਜਾਣ ਵਾਲੇ ਯਾਤਰੂਆਂ ਨੂੰ ਗੁਰਦੁਆਰਾ ਰਿਸ਼ੀਕੇਸ਼ ਵਿਖੇ ਹੀ ਇਸ ਸਬੰਧੀ ਸੂਚਨਾ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਉਥੇ ਹੀ ਰੁਕਣ ਲਈ ਆਖਿਆ ਗਿਆ ਹੈ।

