
ਦੋਸ਼ੀ ਖਿਲਾਫ ਸਖਤ ਕਾਰਵਾਈ ਦੀ ਕੀਤੀ ਮੰਗ
ਅੰਮਿ੍ਰਤਸਰ/ਬਿਊਰੋ ਨਿਊਜ਼
ਅਮਰੀਕਾ ਵਿਚ ਕੈਲੀਫੋਰਨੀਆ ਦੇ ਨੌਰਥ ਹਾਲੀਵੁੱਡ ’ਚ 70 ਸਾਲਾ ਸਿੱਖ ਬਜ਼ੁਰਗ ਹਰਪਾਲ ਸਿੰਘ ’ਤੇ ਹੋਏ ਜਾਨਲੇਵਾ ਹਮਲੇ ਦੀ ਚਾਰੇ ਪਾਸਿਓਂ ਸਖਤ ਨਿੰਦਾ ਹੋ ਰਹੀ ਹੈ। ਇਸੇ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇਸ ਹਮਲੇ ਪਿੱਛੇ ਮੁਲਜ਼ਮ ਦੀ ਮਨਸ਼ਾ ਨੂੰ ਸਮਝਣਾ ਅਤਿ ਜ਼ਰੂਰੀ ਹੈ ਅਤੇ ਇਸ ਨੂੰ ਨਫਰਤੀ ਅਪਰਾਧ ਵਜੋਂ ਦਰਜ ਕੀਤਾ ਜਾਣਾ ਚਾਹੀਦਾ ਹੈ। ਇਸੇ ਤਰ੍ਹਾਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਸਿੱਖ ਬਜ਼ੁਰਗ ਹਰਪਾਲ ਸਿੰਘ ’ਤੇ ਹੋਏ ਜਾਨਲੇਵਾ ਹਮਲੇ ਦੀ ਸਖਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਦੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਐਡਵੋਕੇਟ ਧਾਮੀ ਨੇ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੂੰ ਅਪੀਲ ਕੀਤੀ ਕਿ ਉਹ ਵਿਦੇਸ਼ਾਂ ਵਿਚ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਕਦਮ ਚੁੱਕੇ। ਇਸੇ ਦੌਰਾਨ ਪੁਲਿਸ ਵਲੋਂ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਬਜ਼ੁਰਗ ਸਿੱਖ ਹਰਪਾਲ ਸਿੰਘ ’ਤੇ ਹਮਲਾ ਕਰਨ ਵਾਲੇ ਵਿਅਕਤੀ ਨੂੰ ਗਿ੍ਰਫਤਾਰ ਕਰ ਲਿਆ ਗਿਆ ਹੈ।

