ਕੇਂਦਰ ਨੇ ਪਹਿਲਾਂ ਵੀ ਸੂਬਾ ਸਰਕਾਰ ਦੇ ਕਰੋੜਾਂ ਰੁਪਏ ਦੇ ਫੰਡ ਹਨ ਰੋਕੇ
ਚੰਡੀਗੜ੍ਹ/ਬਿਊਰੋ ਨਿਊਜ਼
ਭਾਰਤ ਸਰਕਾਰ ਵਲੋਂ ਪੰਜਾਬ ’ਚ ਪ੍ਰਧਾਨ ਮੰਤਰੀ ਸੜਕ ਯੋਜਨਾ ਦਾ ਕਰੀਬ 800 ਕਰੋੜ ਰੁਪਏ ਦਾ ਪ੍ਰੋਜੈਕਟ ਰੱਦ ਕਰ ਦਿੱਤਾ ਗਿਆ ਹੈ। ਪੰਜਾਬ ਲਈ ਇਹ ਫੈਸਲਾ ਕਿਸੇ ਝਟਕੇ ਤੋਂ ਘੱਟ ਨਹੀਂ ਹੈ ਕਿਉਂਕਿ ਸੂਬਾ ਸਰਕਾਰ ਦੇ ਪਹਿਲਾਂ ਹੀ ਕੇਂਦਰ ਨੇ ਕਰੋੜਾਂ ਰੁਪਏ ਦੇ ਪੇਂਡੂ ਵਿਕਾਸ ਫੰਡ ਰੋਕੇ ਹੋਏ ਹਨ। ਪ੍ਰਧਾਨ ਮੰਤਰੀ ਸੜਕ ਯੋਜਨਾ-3 ਪ੍ਰਾਜੈਕਟ ਤਹਿਤ ਪੰਜਾਬ ਵਿਚ 64 ਸੜਕਾਂ ਅਪਗਰੇਡ ਹੋਣੀਆਂ ਸਨ ਅਤੇ 38 ਪੁਲ ਬਣਨੇ ਸਨ। ਧਿਆਨ ਰਹੇ ਕਿ ਕੇਂਦਰ ਸਰਕਾਰ ਨੇ 31 ਮਾਰਚ ਨੂੰ ਇਨ੍ਹਾਂ ਸੜਕਾਂ ’ਤੇ ਪੁਲਾਂ ਦੇ ਪ੍ਰਾਜੈਕਟ ਨੂੰ ਪ੍ਰਵਾਨਗੀ ਦਿੱਤੀ ਸੀ। ਪਰ ਹੁਣ ਕੇਂਦਰੀ ਪੇਂਡੂ ਵਿਕਾਸ ਮੰਤਰਾਲੇ ਦੇ ਸੰਯੁਕਤ ਸਕੱਤਰ ਨੇ ਲਿਖੇ ਪੱਤਰ ਵਿਚ ਕਹਿ ਦਿੱਤਾ ਹੈ ਕਿ ਜਿਹੜੇ ਕੰਮਾਂ ਦੇ ਟੈਂਡਰ ਜਾਂ ਕੰਮ ਸ਼ੁਰੂ ਨਹੀਂ ਹੋਏ ਹਨ, ਉਨ੍ਹਾਂ ਨੂੰ ਡਰਾਪ ਕੀਤਾ ਜਾਂਦਾ ਹੈ। ਇਸਦੇ ਚੱਲਦਿਆਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਪੰਜਾਬ ਨਾਲ ਹਰ ਕਦਮ ’ਤੇ ਵਿਤਕਰਾ ਕੀਤਾ ਜਾ ਰਿਹਾ ਹੈ।