ਪੰਜਾਬ ਵਿਚ ਵੀ ਬਣੇ ਹੜ੍ਹਾਂ ਵਰਗੇ ਹਾਲਾਤ
ਸ੍ਰੀਨਗਰ/ਬਿਊਰੋ ਨਿਊਜ਼ : ਜੰਮੂ ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਦੇ ਦੂਰ-ਦੁਰਾਡੇ ਪਹਾੜੀ ਪਿੰਡ ਵਿਚ ਬੱਦਲ ਫਟਣ ਕਾਰਨ 52 ਵਿਅਕਤੀਆਂ ਦੀ ਮੌਤ ਹੋ ਗਈ ਹੈ। ਪ੍ਰਸ਼ਾਸ਼ਨਿਕ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਹਾਦਸੇ ਵਿਚ ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ 120 ਵਿਅਕਤੀਆਂ ਨੂੰ ਬਚਾਇਆ ਗਿਆ ਹੈ। ਇਨ੍ਹਾਂ ਵਿਚੋਂ 38 ਵਿਅਕਤੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਮਾਚੈਲ ਮਾਤਾ ਮੰਦਿਰ ਨੂੰ ਜਾਂਦੇ ਰਸਤੇ ਵਿਚ ਆਖਰੀ ਮੋਟਰੇਬਲ ਪਿੰਡ ਚੋਸੀਟੀ ਵਿਚ ਇਹ ਹਾਦਸਾ ਵੀਰਵਾਰ ਦੁਪਹਿਰੇ ਵਾਪਰਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਵੱਡੀ ਗਿਣਤੀ ਵਿਚ ਵਿਅਕਤੀ ਸਲਾਨਾ ਮਾਚੈਲ ਮਾਤਾ ਯਾਤਰਾ ਲਈ ਉਥੇ ਇਕੱਠੇ ਹੋਏ ਸਨ, ਜੋ 25 ਜੁਲਾਈ ਨੂੰ ਸ਼ੁਰੂ ਹੋਈ ਸੀ ਅਤੇ 5 ਸਤੰਬਰ ਨੂੰ ਖਤਮ ਹੋਣ ਵਾਲੀ ਸੀ। ਬੱਦਲ ਫਟਣ ਨਾਲ ਹੋਈਆਂ ਮੌਤਾਂ ਦੀ ਗਿਣਤੀ ਵਧ ਰਹੀ ਹੈ ਅਤੇ ਬਚਾਅ ਕਾਰਜ ਵੀ ਜਾਰੀ ਹਨ। ਅਧਿਕਾਰੀਆਂ ਨੇ ਦੱਸਿਆ ਕਿ ਇਸ ਆਫਤ ਵਿਚ ਸੀਆਈਐਸਐਫ ਦੇ ਦੋ ਜਵਾਨਾਂ ਦੀ ਵੀ ਜਾਨ ਚਲੇ ਗਈ ਹੈ। ਅਧਿਕਾਰੀਆਂ ਨੇ ਕਿਹਾ ਕਿ ਐਨਡੀਆਰਐਫ, ਐਸਡੀਆਰਐਫ, ਪੁਲਿਸ, ਫੌਜ ਅਤੇ ਸਥਾਨਕ ਵਲੰਟੀਅਰਾਂ ਵਲੋਂ ਵੱਡੇ ਪੱਧਰ ‘ਤੇ ਬਚਾਅ ਕਾਰਜ ਜਾਰੀ ਹਨ। ਇਸਦੇ ਚੱਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਹਾਦਸੇ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਮੋਦੀ ਨੇ ਕਿਹਾ ਕਿ ਉਨ੍ਹਾਂ ਦੇ ਵਿਚਾਰ ਅਤੇ ਪ੍ਰਾਰਥਨਾਵਾਂ ਤੇ ਸੰਵੇਦਨਾਵਾਂ ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਵਿਚ ਬੱਦਲ ਫਟਣ ਨਾਲ ਪ੍ਰਭਾਵਿਤ ਸਾਰੇ ਲੋਕਾਂ ਨਾਲ ਹਨ ਅਤੇ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਲੋੜਵੰਦਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਨੇ ਘਟਨਾ ਵਿਚ ਜਾਨੀ ਨੁਕਸਾਨ ‘ਤੇ ਦੁੱਖ ਪ੍ਰਗਟ ਕੀਤਾ ਹੈ। ਇਸੇ ਤਰ੍ਹਾਂ ਪੰਜਾਬ ਵਿਚ ਵੀ ਹੜ੍ਹਾਂ ਵਰਗੇ ਹਾਲਾਤ ਬਣਦੇ ਜਾ ਰਹੇ ਹਨ। ਪਹਾੜੀ ਇਲਾਕਿਆਂ ਵਿਚ ਪੈ ਰਹੇ ਮੀਂਹ ਕਾਰਨ ਪੰਜਾਬ ਦੇ ਦਰਿਆਵਾਂ ਵਿਚ ਵੀ ਪਾਣੀ ਦਾ ਪੱਧਰ ਦਿਨੋਂ ਦਿਨ ਵਧਿਆ ਹੈ ਅਤੇ ਦਰਿਆਵਾਂ ਨੇੜਲੇ ਪਿੰਡਾਂ ‘ਚ ਸਹਿਮ ਦਾ ਮਾਹੌਲ ਹੈ।
ਜੰਮੂ-ਕਸ਼ਮੀਰ ਦੇ ਕਿਸ਼ਤਵਾੜ ‘ਚ ਬੱਦਲ ਫਟਿਆ – 52 ਮੌਤਾਂ
RELATED ARTICLES