ਬੀਬੀ ਸਤਵੰਤ ਕੌਰ ਨੂੰ ਪੰਥਕ ਕੌਂਸਲ ਦੀ ਚੇਅਰਪਰਸਨ ਬਣਾਇਆ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੰਜ ਮੈਂਬਰੀ ਭਰਤੀ ਕਮੇਟੀ ਵੱਲੋਂ ਗਠਿਤ ਸ਼੍ਰੋਮਣੀ ਅਕਾਲੀ ਦਲ ਦਾ ਸਰਬਸੰਮਤੀ ਤੇ ਬਿਨਾਂ ਕਿਸੇ ਵਿਰੋਧ ਦੇ ਪ੍ਰਧਾਨ ਐਲਾਨ ਦਿੱਤਾ ਗਿਆ ਹੈ।
ਇਸਦਾ ਐਲਾਨ ਸੰਤਾ ਸਿੰਘ ਉਮੈਦਪੁਰੀ ਵੱਲੋਂ ਕੀਤਾ ਗਿਆ ਹੈ। ਇਸਦੇ ਨਾਲ ਹੀ ਬੀਬੀ ਸਤਵੰਤ ਕੌਰ ਨੂੰ ਪੰਥਕ ਕੌਂਸਲ ਦੀ ਚੇਅਰਪਰਸਨ ਬਣਾਇਆ ਗਿਆ ਹੈ।
ਅਕਾਲੀ ਦਲ ਦੇ ਪ੍ਰਧਾਨ ਵਜੋਂ ਗਿਆਨੀ ਹਰਪ੍ਰੀਤ ਸਿੰਘ ਦੇ ਨਾਂ ਦੀ ਤਜਵੀਜ਼ ਬਾਬਾ ਸਰਬਜੋਤ ਸਿੰਘ ਬੇਦੀ ਨੇ ਰੱਖੀ ਜਦੋਂਕਿ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਸਦੀ ਤਾਈਦ ਕੀਤੀ।
ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਬਣਾਈ ਗਈ ਭਰਤੀ ਕਮੇਟੀ ਵੱਲੋਂ ਅੱਜ ਅੰਮ੍ਰਿਤਸਰ ‘ਚ ਡੈਲੀਗੇਟ ਇਜਲਾਸ ਦੌਰਾਨ ਪੰਥਕ ਕੌਂਸਲ ਬਣਾਈ ਗਈ ਹੈ ਅਤੇ ਬੀਬੀ ਸਤਵੰਤ ਕੌਰ ਨੂੰ ਉਸਦਾ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ।
ਇਸੇ ਦੌਰਾਨ ਪ੍ਰਧਾਨ ਚੁਣੇ ਜਾਣ ਤੋਂ ਬਾਅਦ ਹਾਜ਼ਰ ਡੈਲੀਗੇਟਾਂ ਨੂੰ ਸੰਬੋਧਨ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅੱਜ ਤਿੰਨ ਦਹਾਕਿਆਂ ਤੋਂ ਅਕਾਲੀ ਦਲ ਤੋਂ ਇਕ ਪਰਿਵਾਰ ਦੀ ਇਜ਼ਾਰੇਦਾਰੀ ਖਤਮ ਹੋਈ ਹੈ। ਉਨ੍ਹਾਂ ਕਿਹਾ ਕਿ ਮੈਂ ਸੇਵਾਦਾਰ ਵਜੋਂ ਕੰਮ ਕਰਾਂਗਾ ਅਤੇ ਕਿਸੇ ਵੀ ਤਰ੍ਹਾਂ ਦੀ ਕੋਈ ਸਿਆਸੀ ਚੋਣ ਨਹੀਂ ਲੜਾਂਗਾ।