
ਭਗਤ ਸਿੰਘ, ਊਧਮ ਸਿੰਘ, ਸੁਖਦੇਵ ਅਤੇ ਲਾਲਾ ਲਾਜਪਤ ਰਾਏ ਸਣੇ ਸ਼ਹੀਦਾਂ ਨੂੰ ਕੀਤਾ ਯਾਦ
ਫਰੀਦਕੋਟ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਜ਼ਾਦੀ ਦਿਵਸ ਮੌਕੇ ਫਰੀਦਕੋਟ ਵਿਚ ਸੂਬਾ ਪੱਧਰੀ ਸਮਾਗਮ ਵਿਚ ਕੌਮੀ ਝੰਡਾ ਲਹਿਰਾਇਆ। ਇਸ ਸਮਾਗਮ ਵਿਚ ਮੁੱਖ ਮੰਤਰੀ ਮਾਨ ਨੇ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਡਾਇਰੈਕਟਰ ਜਨਰਲ ਆਫ ਪੁਲਿਸ ਗੌਰਵ ਯਾਦਵ ਵੀ ਹਾਜ਼ਰ ਰਹੇ। ਆਜ਼ਾਦੀ ਦਿਵਸ ਮੌਕੇ ’ਤੇ ਆਪਣੇ ਸੰਬੋਧਨ ਵਿਚ ਮਾਨ ਨੇ ਆਜ਼ਾਦੀ ਘੁਲਾਟੀਆਂ ਭਗਤ ਸਿੰਘ, ਊਧਮ ਸਿੰਘ, ਸੁਖਦੇਵ ਅਤੇ ਲਾਲਾ ਲਾਜਪਤ ਰਾਏ ਸਮੇਤ ਸ਼ਹੀਦਾਂ ਦੇ ਯੋਗਦਾਨ ਨੂੰ ਯਾਦ ਕੀਤਾ। ਆਪਣੀ ਸਰਕਾਰ ਦੇ ਕੰਮਾਂ ਬਾਰੇ ਬੋਲਦਿਆਂ ਉਹਨਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ, ਜੋ ਆਉਂਦੀ 2 ਅਕਤੂਬਰ ਤੋਂ ਸ਼ੁਰੂ ਹੋਵੇਗੀ, ਸੂਬੇ ਦੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਦਾ ਸਿਹਤ ਬੀਮਾ ਕਵਰ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ’ਚ ਸਾਰੇ ਸਰਕਾਰੀ ਹਸਪਤਾਲਾਂ ਅਤੇ 552 ਨਿੱਜੀ ਹਸਪਤਾਲਾਂ ਨੂੰ ਇਸ ਯੋਜਨਾ ਤਹਿਤ ਸੂਚੀਬੱਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਲਾਜ ਦਾ ਡਾਕਟਰੀ ਖਰਚਾ ਚੁੱਕੇਗੀ। ਇਸੇ ਦੌਰਾਨ ਪੰਜਾਬ ਦੇ ਮੰਤਰੀਆਂ, ਵਿਧਾਇਕਾਂ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਆਜ਼ਾਦੀ ਦੇ ਸਮਾਗਮਾਂ ਵਿਚ ਸ਼ਮੂਲੀਅਤ ਕੀਤੀ ਹੈ।

