
ਮੁਹਾਲੀ/ਬਿਊਰੋ ਨਿਊਜ਼
ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖਿਲਾਫ ਦਰਜ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ਰਸਮੀ ਤੌਰ ’ਤੇ ਉਨ੍ਹਾਂ ਦੀ ਪਤਨੀ ਤੇ ਵਿਧਾਇਕ ਗਨੀਵ ਕੌਰ ਮਜੀਠੀਆ ਨੂੰ ਵੀ ਸੰਮਨ ਭੇਜੇ ਹਨ। ਮੀਡੀਆ ਰਿਪੋਰਟਾਂ ਮੁਤਾਬਕ ਵਿਜੀਲੈਂਸ ਨੇ ਇਹ ਕਾਰਵਾਈ ਲੰਘੀਆਂ ਸਰਕਾਰੀ ਛੁੱਟੀਆਂ ਵਿਚ ਕੀਤੀ ਹੈ। ਉਧਰ ਦੂੁਜੇ ਪਾਸੇ ਗਨੀਵ ਕੌਰ ਮਜੀਠੀਆ ਨੇ ਵਿਜੀਲੈਂਸ ਦੇ ਨੋਟਿਸ ਨੂੰ ਹਾਈਕੋਰਟ ਵਿਚ ਚੁਣੌਤੀ ਦਿੱਤੀ ਹੈ। ਇਸਦੇ ਚੱਲਦਿਆਂ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ ਅਤੇ ਜਵਾਬ ਦਾਖਲ ਕਰਨ ਲਈ ਕਿਹਾ ਗਿਆ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 26 ਅਕਤੂਬਰ ਨੂੰ ਹੋਵੇਗੀ। ਇਸੇ ਦੌਰਾਨ ਇਹ ਵੀ ਜਾਣਕਾਰੀ ਮਿਲੀ ਹੈ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ’ਚ ਨਾਭਾ ਜੇਲ੍ਹ ’ਚ ਬੰਦ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਅੱਜ ਫਿਰ ਮੁਹਾਲੀ ਦੀ ਅਦਾਲਤ ਨੇ ਰੱਦ ਕਰ ਦਿੱਤੀ ਹੈ।

