ਪ੍ਰਧਾਨ ਮੰਤਰੀ ਮੋਦੀ, ਅਮਿਤ ਸ਼ਾਹ, ਰਾਜਨਾਥ ਸਿੰਘ ਤੇ ਜੇਪੀ ਨੱਢਾ ਰਹੇ ਹਾਜ਼ਰ
ਨਵੀਂ ਦਿੱਲੀ/ਬਿਊਰੋ ਨਿਊਜ਼
ਉਪ ਰਾਸ਼ਟਰਪਤੀ ਅਹੁਦੇ ਲਈ ਐਨ.ਡੀ.ਏ. ਦੇ ਉਮੀਦਵਾਰ ਸੀ.ਪੀ. ਰਾਧਾਕ੍ਰਿਸ਼ਨਨ ਨੇ ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਕਰ ਦਿੱਤੇ ਹਨ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਜੇਪੀ ਨੱਢਾ ਸਣੇ ਕਈ ਭਾਜਪਾ ਆਗੂ ਹਾਜ਼ਰ ਰਹੇ। ਜ਼ਿਕਰਯੋਗ ਹੈ ਕਿ ਲੰਘੀ 17 ਅਗਸਤ ਨੂੰ ਹੋਈ ਭਾਜਪਾ ਸੰਸਦੀ ਦਲ ਦੀ ਬੈਠਕ ਦੌਰਾਨ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਸੀ.ਪੀ. ਰਾਧਾਕ੍ਰਿਸ਼ਨਨ ਦੇ ਨਾਮ ’ਤੇ ਸਹਿਮਤੀ ਬਣੀ ਸੀ। ਇਸ ਤੋਂ ਬਾਅਦ ਭਾਜਪਾ ਪ੍ਰਧਾਨ ਜੇਪੀ ਨੱਢਾ ਨੇ ਪ੍ਰੈਸ ਕਾਨਫਰੰਸ ਕਰਕੇ ਰਾਧਾਕ੍ਰਿਸ਼ਨਨ ਦੇ ਨਾਮ ਦਾ ਐਲਾਨ ਕੀਤਾ ਸੀ। ਉਪ ਰਾਸ਼ਟਰਪਤੀ ਦੇ ਅਹੁਦੇ ਲਈ ਰਾਧਾਕ੍ਰਿਸ਼ਨਨ ਦਾ ਚੋਣ ਮੁਕਾਬਲਾ ਇੰਡੀਆ ਗਠਜੋੜ ਦੇ ਉਮੀਦਵਾਰ ਸੁਪਰੀਮ ਕੋਰਟ ਦੇ ਸਾਬਕਾ ਜੱਜ ਬੀ. ਸੁਦਰਸ਼ਨ ਰੈਡੀ ਨਾਲ ਹੋਵੇਗਾ। ਧਿਆਨ ਰਹੇ ਕਿ ਉਪ ਰਾਸ਼ਟਰਪਤੀ ਦੇ ਅਹੁਦੇ ਲਈ 9 ਸਤੰਬਰ ਨੂੰ ਵੋਟਿੰਗ ਹੋਣੀ ਹੈ।