
ਨਵ-ਨਿਯੁਕਤ ਨੌਜਵਾਨਾਂ ਨੂੰ ਇਮਾਨਦਾਰੀ ਤੇ ਮਿਹਨਤ ਨਾਲ ਕੰਮ ਕਰਨ ਲਈ ਪ੍ਰੇਰਿਆ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਸਥਿਤ ਮਿਊਂਸੀਪਲ ਭਵਨ ਵਿੱਚ ਵੱਖ-ਵੱਖ ਵਿਭਾਗਾਂ ਦੇ 271 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਸਥਾਨਕ ਸਰਕਾਰਾਂ ਵਿਭਾਗ, ਸਿੱਖਿਆ ਵਿਭਾਗ, ਨਗਰ ਸੁਧਾਰ ਟਰੱਸਟ ਅਤੇ ਆਬਕਾਰੀ ਵਿਭਾਗ ਸਣੇ ਹੋਰਨਾਂ ਵਿਭਾਗਾਂ ਦੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਵ-ਨਿਯੁਕਤ ਨੌਜਵਾਨਾਂ ਨੂੰ ਸਖਤ ਮਿਹਨਤ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਿੱਚ ਨੌਜਵਾਨਾਂ ਨੂੰ ਸਿਫਾਰਸ਼ਾਂ ਨਾਲ ਨੌਕਰੀਆਂ ਮਿਲਦੀਆਂ ਸਨ ਪਰ ਮੌਜੂਦਾ ਸਰਕਾਰ ਵਲੋਂ ਬਿਨਾਂ ਕਿਸੇ ਸਿਫਾਰਸ਼ ਤੋਂ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਮਾਨ ਨੇ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਨੇ ਤਿੰਨ ਸਾਲਾਂ ਵਿੱਚ 55 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ।

