
ਦਰਿਆਵਾਂ ਨੇੜਲੇ ਇਲਾਕਿਆਂ ’ਚ ਫਸਲਾਂ ਦਾ ਹੋਇਆ ਭਾਰੀ ਨੁਕਸਾਨ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਕਈ ਖੇਤਰਾਂ ਵਿਚ ਮੀਂਹ ਅਤੇ ਦਰਿਆਵਾਂ ’ਚ ਵਧ ਰਹੇ ਪਾਣੀ ਦੇ ਪੱਧਰ ਕਾਰਨ ਸਥਿਤੀ ਚਿੰਤਾਜਨਕ ਬਣੀ ਹੋਈ ਹੈ। ਅਜਿਹੀ ਸਥਿਤੀ ਨਾਲ ਨਜਿੱਠਣ ਲਈ ਭਗਵੰਤ ਮਾਨ ਸਰਕਾਰ ਐਕਸ਼ਨ ਮੋਡ ਵਿਚ ਆ ਗਈ ਹੈ। ਮੁੱਖ ਮੰਤਰੀ ਮਾਨ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਮੰਤਰੀਆਂ ਦੀਆਂ ਡਿਊਟੀਆਂ ਲਗਾਈਆਂ ਹਨ ਅਤੇ ਖੁਦ ਵੀ ਸਥਿਤੀ ’ਤੇ ਨਿਰੰਤਰ ਨਜ਼ਰ ਰੱਖ ਰਹੇ ਹਨ। ਇਸ ਨੂੰ ਲੈ ਕੇ ਸਰਕਾਰ ਨੇ ਹਦਾਇਤਾਂ ਵੀ ਜਾਰੀ ਕੀਤੀਆਂ ਹਨ। ਸਰਕਾਰ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਦਿੱਤੀਆਂ ਹਨ ਕਿ ਹੜ੍ਹ ਤੋਂ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਜਾਵੇ ਅਤੇ ਉਨ੍ਹਾਂ ਲਈ ਖਾਣੇ ਅਤੇ ਪੀਣ ਵਾਲੇ ਪਾਣੀ ਦਾ ਪ੍ਰਬੰਧ ਕੀਤਾ ਜਾਵੇ। ਇਸ ਨੂੰ ਲੈ ਕੇ ਕਮੇਟੀਆਂ ਦਾ ਗਠਨ ਵੀ ਕੀਤਾ ਗਿਆ ਹੈ ਤਾਂ ਜੋ ਪ੍ਰਭਾਵਿਤ ਲੋਕਾਂ ਨਾਲ ਸਿੱਧਾ ਸੰਪਰਕ ਕੀਤਾ ਜਾ ਸਕੇ। ਮੁੱਖ ਮੰਤਰੀ ਨੇ ਹੜ੍ਹਾਂ ਕਾਰਨ ਫਸਲਾਂ ਹੋਏ ਨੁਕਸਾਨ ਨੂੰ ਲੈ ਕੇ ਵੀ ਰਿਪੋਰਟ ਤਿਆਰ ਕਰਨ ਲਈ ਕਿਹਾ ਹੈ। ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਖਰਾਬ ਹੋਈਆਂ ਫਸਲਾਂ ਦਾ ਕਿਸਾਨਾਂ ਨੂੰ ਢੁੱਕਵਾਂ ਮੁਆਵਜ਼ਾ ਦਿੱਤਾ ਜਾਵੇਗਾ।

