ਭਗਵੰਤ ਮਾਨ ਸਰਕਾਰ ’ਤੇ ਲਗਾਏ ਭਾਜਪਾ ਦੇ ਕੈਂਪ ਰੋਕਣ ਦੇ ਆਰੋਪ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਅਤੇ ਸੱਤਾਧਾਰੀ ਆਮ ਆਦਮੀ ਪਾਰਟੀ ਇਕ ਵਾਰ ਫਿਰ ਆਹਮੋ-ਸਾਹਮਣੇ ਹੋ ਗਈ ਹੈ। ਇਸੇ ਦੌਰਾਨ ਭਾਜਪਾ ਆਗੂਆਂ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਚੰਡੀਗੜ੍ਹ ਵਿਚ ਮੁਲਾਕਾਤ ਕੀਤੀ ਹੈ। ਇਸ ਮੌਕੇੇ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਆਰੋਪ ਲਗਾਇਆ ਕਿ ਭਗਵੰਤ ਮਾਨ ਸਰਕਾਰ ਸੂਬੇ ਵਿਚ ਭਾਜਪਾ ਵਲੋਂ ਪਿੰਡਾਂ ਵਿਚ ਲਗਾਏ ਜਾ ਰਹੇ ਕੈਂਪ ਬੰਦ ਕਰਵਾ ਰਹੀ ਹੈ। ਅਸ਼ਵਨੀ ਸ਼ਰਮਾ ਨੇ ਸੀਐਮ ਮਾਨ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਸਿਆਸੀ ਲੜਾਈ ਸਿਆਸੀ ਤਰੀਕੇ ਨਾਲ ਹੀ ਲੜੋ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦੇ ਜ਼ਰੀਏ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਸੂਬਾ ਸਰਕਾਰ ਭਾਜਪਾ ਆਗੂਆਂ ਨੂੰ ਗਿ੍ਰਫਤਾਰ ਕਰ ਰਹੀ ਹੈ। ਇਸ ਦੌਰਾਨ ਭਾਜਪਾ ਨੇ ਸੂਬਾ ਸਰਕਾਰ ’ਤੇ ਪੰਜਾਬ ਦੇ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਸਕੀਮਾਂ ਤੋਂ ਵਾਂਝਾ ਰੱਖਣ ਦੇ ਆਰੋਪ ਲਗਾਏ ਹਨ।