ਸਾਬਕਾ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰ ਸਰਕਾਰ ਦੇ ਫੈਸਲੇ ਦੀ ਕੀਤੀ ਨਿੰਦਾ
ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰ ਸਰਕਾਰ ਨੇ ਕੌਮੀ ਖੁਰਾਕ ਸੁਰੱਖਿਆ ਐਕਟ ਅਧੀਨ ਪੰਜਾਬ ਦੇ 11 ਲੱਖ ਲਾਭਪਾਤਰੀਆਂ ’ਤੇ ਇਤਰਾਜ਼ ਕੀਤਾ ਹੈ। ਕੇਂਦਰ ਸਰਕਾਰ ਨੇ ਅਜਿਹੇ ਸ਼ੱਕੀ ਲਾਭਪਾਤਰੀ ਸ਼ਨਾਖਤ ਕੀਤੇ ਹਨ, ਜਿਹੜੇ ਵਿੱਤੀ ਤੌਰ ’ਤੇ ਸਰਦੇ-ਪੁੱਜਦੇ ਹਨ, ਪਰ ਉਹ ਫਿਰ ਵੀ ਮੁਫਤ ਆਟਾ-ਦਾਲ ਸਕੀਮ ਦਾ ਲਾਭ ਲੈ ਰਹੇ ਹਨ। ਕੇਂਦਰ ਸਰਕਾਰ ਵਲੋਂ ਪੰਜਾਬ ਸਰਕਾਰ ਨੂੰ 30 ਸਤੰਬਰ ਤੱਕ ਇਹ ਨਾਮ ਕੱਟਣ ਲਈ ਕਹਿ ਦਿੱਤਾ ਗਿਆ ਹੈ। ਮੀਡੀਆ ਦੀ ਜਾਣਕਾਰੀ ਮੁਤਾਬਕ ਦੇਸ਼ ਭਰ ਵਿਚ 8 ਕਰੋੜ ਸ਼ੱਕੀ ਲਾਭਪਾਤਰੀ ਸ਼ਨਾਖਤ ਹੋਏ ਹਨ, ਜੋ ਨਿਰਧਾਰਿਤ ਸ਼ਰਤਾਂ ਨੂੰ ਪੂਰੀਆਂ ਨਾ ਕਰਨ ਦੇ ਬਾਵਜੂਦ ਵੀ ਮੁਫਤ ਰਾਸ਼ਨ ਲੈ ਰਹੇ ਹਨ। ਇਨ੍ਹਾਂ ਵਿਚ ਪੰਜਾਬ ਦੇ 11 ਲੱਖ ਲਾਭਪਾਤਰੀ ਵੀ ਸ਼ਾਮਲ ਹਨ। ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਸਾਬਕਾ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰ ਦੇ ਫੈਸਲੇ ਦੀ ਨਿੰਦਾ ਕੀਤੀ ਹੈ।