ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਹੋਣ ਲੱਗੀ ਮੰਗ
ਨਵੀਂ ਦਿੱਲੀ/ਬਿਊਰੋ ਨਿਊਜ਼ : ਬ੍ਰਿਟੇਨ ਵਿਚ ਦੋ ਸਿੱਖ ਬਜ਼ੁਰਗਾਂ ‘ਤੇ ਨਸਲੀ ਹਮਲਾ ਹੋਣ ਦੀ ਖਬਰ ਮਿਲੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਤਿੰਨ ਵਿਅਕਤੀਆਂ ਨੇ ਦੋ ਸਿੱਖ ਬਜ਼ੁਰਗਾਂ ਨਾਲ ਮਾਰ ਕੁੱਟ ਕੀਤੀ ਅਤੇ ਇਸ ਦੌਰਾਨ ਬਜ਼ੁਰਗਾਂ ਦੀ ਦਸਤਾਰ ਵੀ ਉਤਰ ਗਈ। ਇਹ ਮਾਮਲਾ ਬ੍ਰਿਟੇਨ ਦੇ ਵੁਲਵਰਹੈਂਪਟਨ ਰੇਲਵੇ ਸਟੇਸ਼ਨ ਦੇ ਨੇੜੇ ਦਾ ਦੱਸਿਆ ਜਾ ਰਿਹਾ ਹੈ।
ਪੁਲਿਸ ਨੇ ਦੋਸ਼ੀਆਂ ਨੂੰ ਹਿਰਾਸਤ ਵਿਚ ਲੈ ਲਿਆ ਸੀ, ਪਰ ਜ਼ਮਾਨਤ ਤੋਂ ਬਾਅਦ ਇਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ। ਇਸਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਜ਼ੁਰਗਾਂ ‘ਤੇ ਹੋਏ ਨਸਲੀ ਹਮਲੇ ਦੀ ਨਿੰਦਾ ਕੀਤੀ ਹੈ ਅਤੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ।
ਉਨ੍ਹਾਂ ਕੇਂਦਰੀ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੂੰ ਵੀ ਅਪੀਲ ਕੀਤੀ ਕਿ ਇਸ ਮਾਮਲੇ ਨੂੰ ਯੂ.ਕੇ. ਦੀ ਸੰਸਦ ਵਿਚ ਉਠਾਉਣ ਤਾਂ ਜੋ ਸਿੱਖ ਭਾਈਚਾਰੇ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਇਸੇ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਬਜ਼ੁਰਗ ਸਿੱਖਾਂ ‘ਤੇ ਹੋਏ ਨਸਲੀ ਹਮਲੇ ਦੀ ਨਿੰਦਾ ਕੀਤੀ ਹੈ।

