
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਕਾਮੇਡੀਅਨ ਕਿੰਗ ਜਸਵਿੰਦਰ ਭੱਲਾ ਅੱਜ ਸ਼ੁੱਕਰਵਾਰ ਸਵੇਰੇ ਸੰਸਾਰ ਨੂੰ ਅਲਵਿਦਾ ਕਹਿ ਗਏ। ਉਨ੍ਹਾਂ ਨੂੰ ਸਿਹਤ ਠੀਕ ਨਾ ਹੋਣ ਕਰਕੇ ਮੁਹਾਲੀ ਦੇ ਫੋਰਟਿਸ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਸੀ, ਪਰ ਇਲਾਜ ਦੌਰਾਨ ਉਨ੍ਹਾਂ ਦਾ ਦਿਹਾਂਤ ਹੋ ਗਿਆ। ਜਸਵਿੰਦਰ ਭੱਲਾ ਦੇ ਦਿਹਾਂਤ ਨਾਲ ਸਮੁੱਚੇ ਪੰਜਾਬ ਅਤੇ ਫਿਲਮ ਜਗਤ ਵਿਚ ਸੋਗ ਦੀ ਲਹਿਰ ਹੈ। ਜਸਵਿੰਦਰ ਭੱਲਾ ਦਾ ਜਨਮ 4 ਮਈ 1960 ਨੂੰ ਲੁਧਿਆਣਾ ਵਿਖੇ ਹੋਇਆ। ਉਨ੍ਹਾਂ ਦੀ ਰੁਚੀ ਵਿਦਿਆਰਥੀ ਜੀਵਨ ਤੋਂ ਹੀ ਕਲਾਕਾਰੀ ਵੱਲ ਸੀ। ਜਸਵਿੰਦਰ ਭੱਲਾ 1975 ਵਿਚ ਆਲ ਇੰਡੀਆ ਰੇਡੀਓ ਦੇ ਇਕ ਪ੍ਰੋਗਰਾਮ ਵਿਚ ਸ਼ਾਮਲ ਹੋਏ, ਪਰ 1988 ਤੋਂ ਆਪਣੇ ਸਹਿਯੋਗੀ ਕਲਾਕਾਰ ਬਾਲ ਮੁਕੰਦ ਸ਼ਰਮਾ ਨਾਲ ਉਨ੍ਹਾਂ ਨੇ ‘ਛਣਕਾਟਾ’ ਰਾਹੀਂ ਪੱਕੇ ਪੈਰੀਂ ਕਾਮੇਡੀ ਖੇਤਰ ਵਿਚ ਐਂਟਰੀ ਕੀਤੀ। ਇਸੇ ਤਰ੍ਹਾਂ ਉਨ੍ਹਾਂ ਨੇ ਕਈ ਫਿਲਮਾਂ ਵਿਚ ਕੰਮ ਕੀਤਾ, ਜਿਨ੍ਹਾਂ ਵਿਚ ‘ਮਾਹੌਲ ਠੀਕ ਹੈ’, ‘ਬਾਬਲ ਦਾ ਵਿਹੜਾ’, ‘ਜੀਹਨੇ ਮੇਰਾ ਦਿਲ ਲੁੱਟਿਆ’, ‘ਪਾਵਰ ਕੱਟ’, ‘ਚੱਕ ਦੇ ਫੱਟੇ, ‘ਮੇਲ ਕਰਾ ਦੇ ਰੱਬਾ’ ਅਤੇ ‘ਕੈਰੀ ਔਨ ਜੱਟਾ’ ਕਾਫੀ ਪ੍ਰਸਿੱਧ ਹਨ।

