
ਕਿਹਾ : ਭਾਜਪਾ ਨੂੰ ਰਾਸ਼ਨ ਚੋਰੀ ਨਹੀਂ ਕਰਨ ਦਿਆਂਗੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਰਾਸ਼ਨ ਕਾਰਡਾਂ ਨੂੰ ਲੈ ਕੇ ਸੂਬਾ ਸਰਕਾਰ ਦਾ ਕੇਂਦਰ ਸਰਕਾਰ ਨਾਲ ਰੇੜਕਾ ਵਧਦਾ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਕੇਂਦਰ ਵਲੋਂ ਪੰਜਾਬ ਵਿਚ 8 ਲੱਖ ਰਾਸ਼ਨ ਕਾਰਡ ਕੱਟਣ ਦੀ ਸਾਜਿਸ਼ ਰਚੀ ਜਾ ਰਹੀ ਹੈ। ਇਸੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਨੂੰ ਖੁੱਲ੍ਹੀ ਚਿੱਠੀ ਲਿਖ ਕੇ ਸੰਦੇਸ਼ ਜਾਰੀ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਵੋਟ ਚੋਰੀ ਤੋਂ ਬਾਅਦ ਭਾਜਪਾ ਦੀ ਹੁਣ ਰਾਸ਼ਨ ਚੋਰੀ ਦੀ ਕੋਸ਼ਿਸ਼ ਹੈ ਪਰ ਮੈਂ ਇਹ ਹੋਣ ਨਹੀਂ ਦਿਆਂਗਾ। ਚਿੱਠੀ ਲਿਖ ਕੇ ਪੰਜਾਬੀਆਂ ਨੂੰ ਸੰਦੇਸ਼ ਦਿੰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਵਿਰੁੱਧ ਵੱਡੀ ਸਾਜਿਸ਼ ਘੜ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਨਿਰਦੇਸ਼ ਦਿੱਤਾ ਹੈ ਕਿ ਪੰਜਾਬ ਦੇ 55 ਲੱਖ ਵਿਅਕਤੀਆਂ ਦਾ ਮੁਫਤ ਰਾਸ਼ਨ ਬੰਦ ਕਰ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਕੇਂਦਰ ਸਰਕਾਰ ’ਤੇ ਆਰੋਪ ਲਗਾਉਂਦਿਆਂ ਕਿਹਾ ਕਿ ਇਹ ਪੰਜਾਬ ਦੇ ਗਰੀਬਾਂ, ਮਜ਼ਦੂਰਾਂ, ਕਿਸਾਨਾਂ ਅਤੇ ਆਮ ਪਰਿਵਾਰਾਂ ਦੀਆਂ ਥਾਲੀਆਂ ’ਤੇ ਸਿੱਧਾ ਹਮਲਾ ਹੈ।

