
ਚੰਡੀਗੜ੍ਹ/ਬਿਊਰੋ ਨਿਊਜ਼
ਮੌਸਮ ਵਿਭਾਗ ਨੇ ਪੰਜਾਬ ਵਿਚ ਹੋਰ ਭਾਰੀ ਮੀਂਹ ਪੈਣ ਦੀ ਚਿਤਾਵਨੀ ਜਾਰੀ ਕਰ ਦਿੱਤੀ ਹੈ। ਇਸੇ ਦੌਰਾਨ ਪਹਾੜਾਂ ਵਿਚ ਪੈ ਰਹੇ ਮੀਂਹ ਕਾਰਨ ਬਿਆਸ ਅਤੇ ਸਤਲੁਜ ਦਰਿਆਵਾਂ ਵਿਚ ਵੀ ਪਾਣੀ ਪੱਧਰ ਵਧ ਗਿਆ ਹੈ, ਜਿਸ ਕਾਰਨ ਦਰਿਆਵਾਂ ਨੇੜਲੇ ਖੇਤਰਾਂ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਇਸਦੇ ਚੱਲਦਿਆਂ ਸੂਬੇ ਦੇ ਕਈ ਖੇਤਰਾਂ ਵਿਚ ਪਾਣੀ ਭਰ ਗਿਆ ਹੈ ਅਤੇ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਜਾ ਰਿਹਾ ਹੈ। ਇਸੇ ਦੌਰਾਨ ਪੰਜਾਬ ਦੇ ਮੰਤਰੀ ਹਰਭਜਨ ਸਿੰਘ ਈਟੀਓ, ਲਾਲਜੀਤ ਸਿੰਘ ਭੁੱਲਰ ਅਤੇ ਹੋਰ ਮੰਤਰੀਆਂ ਅਤੇ ਵਿਧਾਇਕਾਂ ਨੇ ਹੜ੍ਹ ਪੀੜਤ ਇਲਾਕਿਆਂ ਦਾ ਦੌਰਾ ਕੀਤਾ ਹੈ। ਪੰਜਾਬ ਦੇ ਮੰਤਰੀਆਂ ਨੇ ਕਿਹਾ ਹੈ ਕਿ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਕਰਨ ਲਈ ਸੂਬਾ ਸਰਕਾਰ ਵਚਨਬੱਧ ਹੈ। ਇਸੇ ਦੌਰਾਨ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਪ੍ਰਸ਼ਾਸਨ ਨੇ ਲੋਕਾਂ ਨੂੰ ਚੌਕਸ ਰਹਿਣ ਦੀ ਅਪੀਲ ਕੀਤੀ ਹੈ ਅਤੇ ਇਸ ਨੂੰ ਲੈ ਕੇ ਪ੍ਰਸ਼ਾਸਨ ਨੇ ਕੰਟਰੋਲ ਰੂਮ ਵੀ ਸਥਾਪਤ ਕਰ ਦਿੱਤੇ ਹਨ।

