
ਐਡਵੋਕੇਟ ਧਾਮੀ ਨੇ ਐਸਜੀਪੀਸੀ ਦੇ ਮੁਲਾਜ਼ਮਾਂ ਦੀਆਂ ਲਗਾਈਆਂ ਡਿਊਟੀਆਂ
ਅੰਮਿ੍ਰਤਸਰ/ਬਿਊਰੋ ਨਿਊਜ਼
ਪੰਜਾਬ ਵਿਚ ਹੜ੍ਹਾਂ ਨੇ ਬਹੁਤ ਸਾਰੇ ਇਲਾਕਿਆਂ ਵਿਚ ਭਾਰੀ ਨੁਕਸਾਨ ਕੀਤਾ ਹੈ। ਇਸ ਔਖੀ ਘੜੀ ਵਿਚ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਫਿਰ ਅੱਗੇ ਆਈ ਹੈ ਅਤੇ ਹੜ੍ਹ ਪੀੜਤਾਂ ਦੀ ਮੱਦਦ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਗੱਲਬਾਤ ਕਰਦਿਆਂ ਐਸ.ਜੀ.ਪੀ.ਸੀ. ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਲੋਕਾਂ ਦੀ ਮੱਦਦ ਲਈ ਸ਼ੋ੍ਰਮਣੀ ਕਮੇਟੀ ਦੇ ਪ੍ਰਬੰਧਾਂ ਵਾਲੇ ਨੇੜਲੇ ਗੁਰਦੁਆਰਾ ਸਾਹਿਬਾਨਾਂ ਦੇ ਮੈਨੇਜਰਾਂ, ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ। ਇਸੇ ਦੌਰਾਨ ਲੰਗਰ ਤਿਆਰ ਕਰਕੇ ਹੜ੍ਹ ਪੀੜਤ ਇਲਾਕਿਆਂ ਵਿਚ ਭੇਜਿਆ ਜਾ ਰਿਹਾ ਹੈ। ਧਾਮੀ ਨੇ ਦੱਸਿਆ ਕਿ ਹੜ੍ਹਾਂ ਕਾਰਨ ਜਿਨ੍ਹਾਂ ਪਰਿਵਾਰਾਂ ਨੂੰ ਆਪਣੇ ਘਰ ਛੱਡ ਕੇ ਉਚੀਆਂ ਥਾਵਾਂ ’ਤੇ ਜਾਣਾ ਪਿਆ, ਉਨ੍ਹਾਂ ਵਾਸਤੇ ਗੁਰਦੁਆਰਾ ਸਾਹਿਬਾਨਾਂ ਦੀਆਂ ਸਰਾਵਾਂ ਵਿਚ ਰਹਿਣ ਦਾ ਪੂਰਾ ਇੰਤਜ਼ਾਮ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬਰਸਾਤ ਦੇ ਮੌਸਮ ਵਿਚ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ ਅਤੇ ਮੁਫਤ ਦਵਾਈਆਂ ਵੀ ਦਿੱਤੀਆਂ ਜਾ ਰਹੀਆਂ ਹਨ।

