ਕੇਜਰੀਵਾਲ ਦਾ ਕਹਿਣਾ : ਮੋਦੀ ਸਰਕਾਰ ਆਮ ਆਦਮੀ ਪਾਰਟੀ ਦੇ ਪਿੱਛੇ ਪਈ
ਨਵੀਂ ਦਿੱਲੀ/ਬਿਊਰੋ ਨਿਊਜ਼
ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਸਵੇਰੇ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਦਿੱਲੀ ਦੇ ਸਾਬਕਾ ਮੰਤਰੀ ਸੌਰਵ ਭਾਰਦਵਾਜ ਦੇ ਘਰ ਸਣੇ 13 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਸੌਰਵ ਭਾਰਦਵਾਜ ’ਤੇ ਹਸਤਪਾਲ ਨਿਰਮਾਣ ਵਿਚ ਭਿ੍ਰਸ਼ਟਾਚਾਰ ਦਾ ਆਰੋਪ ਹੈ। ਜਾਂਚ ਏਜੰਸੀ ਨੇ ਸਾਬਕਾ ਸਿਹਤ ਮੰਤਰੀਆਂ ਸੌਰਵ ਭਾਰਦਵਾਜ ਅਤੇ ਸਤੇਂਦਰ ਜੈਨ ਦੇ ਖਿਲਾਫ ਕੇਸ ਦਰਜ ਕੀਤਾ ਸੀ। ਦਿੱਲੀ ਪੁਲਿਸ ਦੀ ਭਿ੍ਰਸ਼ਟਾਚਾਰ ਵਿਰੋਧੀ ਸ਼ਾਖਾ ਨੇ ਇਸ ਮਾਮਲੇ ਵਿਚ ਕੇਸ ਦਰਜ ਕੀਤਾ ਸੀ ਅਤੇ ਬਾਅਦ ਵਿਚ ਇਹ ਮਾਮਲਾ ਈ.ਡੀ ਨੂੰ ਟਰਾਂਸਫਰ ਕਰ ਦਿੱਤਾ ਗਿਆ ਸੀ। ਉਧਰ ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਇਨ੍ਹਾਂ ਛਾਪਿਆਂ ਦੀ ਨਿਖੇਧੀ ਕੀਤੀ ਹੈ ਅਤੇ ਇਸ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ ਹੈ। ਇਸਦੇ ਚੱਲਦਿਆਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਆਮ ਆਦਮੀ ਪਾਰਟੀ ਦੇ ਪਿੱਛੇ ਪੈ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸਾਡੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅਸੀਂ ਭਾਜਪਾ ਕੋਲੋਂ ਡਰਦੇ ਨਹੀਂ ਅਤੇ ਦੇਸ਼ ਦੇ ਹਿੱਤਾਂ ਨਾਲ ਖੜ੍ਹੇ ਹਾਂ।