
ਕਿਹਾ : ਮੇਰਾ ਹੈਲੀਕਾਪਟਰ ਹੁਣ ਲੋਕਾਂ ਹਵਾਲੇ
ਗੁਰਦਾਸਪੁਰ/ਬਿਊਰੋ ਨਿਊਜ਼
ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਹੜ੍ਹਾਂ ਕਾਰਨ ਭਾਰੀ ਤਬਾਹੀ ਹੋਈ ਹੈ। ਇਸਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਹੈ। ਸੀਐਮ ਮਾਨ ਸਭ ਤੋਂ ਪਹਿਲਾਂ ਕਸਬਾ ਬਹਿਰਾਮਪੁਰ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਹੜ੍ਹ ਪੀੜਤ ਵਿਅਕਤੀਆਂ ਨਾਲ ਗੱਲਬਾਤ ਕੀਤੀ ਅਤੇ ਕਿਹਾ ਕਿ ਸਰਕਾਰ ਹੜ੍ਹ ਤੋਂ ਪ੍ਰਭਾਵਿਤ ਪਰਿਵਾਰਾਂ ਨੂੰ ਢੁੱਕਵਾਂ ਮੁਆਵਜ਼ਾ ਦੇਵੇਗੀ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਪਿੰਡਾਂ ਵਿਚ ਲੋਕ ਘਰਾਂ ਤੋਂ ਬਾਹਰ ਨਹੀਂ ਨਿਕਲ ਸਕੇ ਅਤੇ ਬਿਨਾ ਰਾਸ਼ਨ ਛੋਟੇ ਬੱਚਿਆਂ ਨਾਲ ਘਰਾਂ ਦੀਆਂ ਛੱਤਾਂ ’ਤੇ ਬੈਠੇ ਹਨ। ਸੀਐਮ ਮਾਨ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ 92 ਸੀਟਾਂ ਨਾਲ ਆਮ ਆਦਮੀ ਪਾਰਟੀ ਨੂੰ ਜਿਤਾ ਕੇ ਮੈਨੂੰ ਹੈਲੀਕਾਪਟਰ ਦਿੱਤਾ ਸੀ, ਉਹ ਹੈਲੀਕਾਪਟਰ ਅੱਜ ਲੋਕਾਂ ਨੂੰ ਸੌਂਪ ਰਹੇ ਹਨ। ਉਨ੍ਹਾਂ ਕਿਹਾ ਕਿ ਹੈਲੀਕਾਪਟਰ ਰਾਹੀਂ ਲੋਕਾਂ ਨੂੰ ਪਾਣੀ, ਦੁੱਧ ਅਤੇ ਹੋਰ ਰਾਸ਼ਨ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਖੁਦ ਕਾਰ ’ਤੇ ਵਾਪਸ ਚਲੇ ਜਾਣਗੇ। ਸੀ.ਐਮ. ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਹੜ੍ਹ ਪੀੜਤਾਂ ਨਾਲ ਖੜ੍ਹੀ ਹੈ ਅਤੇ ਕਿਸੇ ਨੂੰ ਵੀ ਘਬਰਾਉਣ ਦੀ ਲੋੜ ਨਹੀਂ ਹੈ।

