
ਜਾਖੜ ਨੇ ਕਿਹਾ : ਹੜ੍ਹਾਂ ਦੀ ਸਥਿਤੀ ਸੁਧਰਨ ’ਤੇ ਮੁੜ ਲਗਾਏ ਜਾਣਗੇ ਕੈਂਪ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਭਾਜਪਾ ਨੇ ਸੂਬੇ ਵਿੱਚ ਭਾਰੀ ਮੀਂਹ ਕਾਰਨ ਬਣੀ ਹੜ੍ਹਾਂ ਦੀ ਭਿਆਨਕ ਹਾਲਾਤ ਨੂੰ ਧਿਆਨ ਵਿੱਚ ਰੱਖਦਿਆਂ ਲੋਕ ਭਲਾਈ ਕੈਂਪ ਮੁਅੱਤਲ ਕਰ ਦਿੱਤੇ ਹਨ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਲੋਂ ਲਗਾਏ ਜਾ ਰਹੇ ਜਨ-ਕਲਿਆਣ ਕੈਂਪ ਅਸਥਾਈ ਤੌਰ ’ਤੇ ਮੁਅੱਤਲ ਕਰ ਦਿੱਤੇ ਹਨ। ਜਾਖੜ ਨੇ ਕਿਹਾ ਕਿ ਜਿਵੇਂ ਹੀ ਹੜ੍ਹਾਂ ਦੀ ਸਥਿਤੀ ਸੁਧਰ ਜਾਵੇਗੀ, ਭਾਜਪਾ ਮੁੜ ਸੂਬੇ ਭਰ ਵਿੱਚ ਕੈਂਪ ਲਗਾਉਣੇ ਸ਼ੁਰੂ ਕਰ ਦੇਵੇਗੀ। ਉਨ੍ਹਾਂ ਦੱਸਿਆ ਕਿ ਨਰਿੰਦਰ ਮੋਦੀ ਸਰਕਾਰ ਵੱਲੋਂ ਗਰੀਬਾਂ, ਬੇਰੁਜ਼ਗਾਰਾਂ, ਕਿਸਾਨਾਂ, ਦਲਿਤਾਂ, ਮਹਿਲਾਵਾਂ ਅਤੇ ਨੌਜਵਾਨਾਂ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਸਬੰਧੀ ਲੋਕਾਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦੇ ਹੜ੍ਹ-ਪ੍ਰਭਾਵਿਤ ਇਲਾਕਿਆਂ ਵਿੱਚ ਭਾਜਪਾ ਦੇ ਸੀਨੀਅਰ ਆਗੂ ਅਤੇ ਵਰਕਰ ਦੌਰੇ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸਮਝ ਰਹੇ ਹਨ ਅਤੇ ਹਰ ਸੰਭਵ ਸਹਾਇਤਾ ਮੁਹੱਈਆ ਕਰਵਾ ਰਹੇ ਹਨ।

