
ਚੰਨੀ ਨੇ ਕਿਹਾ : ਸੂਬਾ ਸਰਕਾਰ ਪੂਰੀ ਤਰ੍ਹਾਂ ਅਸਫਲ
ਜਲੰਧਰ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਆਗੂਆਂ ਨੇ ਅੱਜ ਜਲੰਧਰ ਦੇ ਇੱਕ ਨਿੱਜੀ ਰਿਜੋਰਟ ਵਿਚ ਰੈਲੀ ਕੀਤੀ। ਇਸ ਰੈਲੀ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਅਤੇ ਵਿਧਾਇਕ ਪਰਗਟ ਸਿੰਘ ਸਣੇ ਬਹੁਤ ਸਾਰੇ ਆਗੂ ਤੇ ਵਰਕਰ ਸ਼ਾਮਲ ਹੋਏ। ਇਸ ਰੈਲੀ ਦੌਰਾਨ ਕਾਂਗਰਸੀ ਆਗੂਆਂ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੋਵਾਂ ਨੂੰ ਨਿਸ਼ਾਨੇ ’ਤੇ ਲਿਆ। ਇਨ੍ਹਾਂ ਆਗੂਆਂ ਨੇ ਇਕਜੁੱਟਤਾ ਦਾ ਵੀ ਪ੍ਰਗਟਾਵਾ ਕੀਤਾ। ਇਨ੍ਹਾਂ ਆਗੂਆਂ ਨੇ ਪੰਜਾਬ ਸਰਕਾਰ ’ਤੇ ਆਰੋਪ ਲਗਾਉਂਦਿਆਂ ਕਿਹਾ ਕਿ ਇਹ ਸਰਕਾਰ ਪੂਰੀ ਤਰ੍ਹਾਂ ਅਸਫਲ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਸਿਰਫ ਗੱਲਾਂ ਕਰਨੀਆਂ ਹੀ ਜਾਣਦੇ ਹਨ। ਸੂਬੇ ਵਿਚ ਹੜ੍ਹਾਂ ਦੀ ਸਥਿਤੀ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਇਹ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਡੈਮਾਂ ਦੀ ਮਜ਼ਬੂਤੀ ਵੱਲ ਧਿਆਨ ਦਿੰਦੀ।

