ਔਖੀ ਘੜੀ ਵਿਚ ਮੱਦਦ ਕਰਨ ਵਾਲੀਆਂ ਸਮਾਜ ਸੇਵੀ ਸੰਸਥਾਵਾਂ ਦਾ ਕੀਤਾ ਧੰਨਵਾਦ
ਹੁਸ਼ਿਆਰਪੁਰ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਹੁਸ਼ਿਆਰਪੁਰ ਦੇ ਕਸਬਾ ਟਾਂਡਾ ਨੇੜਲੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਹੈ। ਇਸ ਮੌਕੇ ਉਨ੍ਹਾਂ ਨਾਲ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਟਾਂਡਾ ਤੋਂ ਵਿਧਾਇਕ ਜਸਵੀਰ ਸਿੰਘ ਰਾਜਾ ਅਤੇ ਹੁਸ਼ਿਆਰਪੁਰ ਦੀ ਡਿਪਟੀ ਕਮਿਸ਼ਨਰ ਮੈਡਮ ਆਸ਼ਿਕਾ ਜੈਨ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਰਹੇ। ਮੁੱਖ ਮੰਤਰੀ ਨੇ ਬਿਆਸ ਦਰਿਆ ਦੇ ਨਾਲ ਲੱਗਦੇ ਰਾਹਤ ਕੈਂਪਾਂ ਵਿਚ ਰਹਿ ਰਹੇ ਵਿਅਕਤੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਮੌਕੇ ਉਨ੍ਹਾਂ ਨੇ ਮੁੱਖ ਮੰਤਰੀ ਰਾਹਤ ਫੰਡ ਵਿਚੋਂ ਭੇਜੀ ਗਈ ਰਾਹਤ ਸਮੱਗਰੀ ਵੀ ਹੜ੍ਹ ਪੀੜਤਾਂ ਨੂੰ ਵੰਡੀ ਅਤੇ ਇਸ ਔਖੀ ਘੜੀ ਵਿਚ ਸਾਥ ਦੇ ਰਹੀਆਂ ਧਾਰਮਿਕ ਅਤੇ ਸਮਾਜ ਸੇਵੀ ਸੰਸਥਾਵਾਂ ਦਾ ਧੰਨਵਾਦ ਕੀਤਾ। ਮੀਡੀਆ ਨਾਲ ਗੱਲਬਾਤ ਕਰਦਿਆਂ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਵਾਸਤੇ ਵਿਸ਼ੇਸ਼ ਰਾਹਤ ਪੈਕੇਜ ਦਿੱਤਾ ਜਾਵੇ।