
ਚੌਹਾਨ ਨੇ ਕਿਹਾ : ਪੰਜਾਬ ’ਚ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਕੇਂਦਰ ਸਰਕਾਰ ਕਰੇਗੀ ਪੂਰੀ ਕੋਸ਼ਿਸ਼
ਗੁਰਦਾਸਪੁਰ/ਬਿਊਰੋ ਨਿਊਜ਼
ਭਾਰਤ ਦੇ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵਲੋਂ ਅੱਜ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਨਾਲ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਸੂਬੇ ਦੇ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੀ ਮੌਜੂਦ ਸਨ। ਡੇਰਾ ਬਾਬਾ ਨਾਨਕ ਦੇ ਨੇੜਲੇ ਪਿੰਡ ਧਰਮਕੋਟ ਰੰਧਾਵਾ ਵਿਖੇ ਹੜ੍ਹ ਪ੍ਰਭਾਵਿਤ ਵਿਅਕਤੀਆਂ ਨਾਲ ਗੱਲ ਕਰਦਿਆਂ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਉਨ੍ਹਾਂ ਵਲੋਂ ਅੱਜ ਪੰਜਾਬ ਦੇ ਸਰਹੱਦੀ ਖੇਤਰ ਵਿਚ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਨਾਲ ਫਸਲਾਂ ਤੇ ਪਸ਼ੂਧਨ ਦਾ ਬਹੁਤ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਹੜ੍ਹ ਦੌਰਾਨ ਹੋਏ ਨੁਕਸਾਨ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਸਮੇਤ ਹੜ੍ਹ ਪੀੜਤ ਹਰੇਕ ਪਰਿਵਾਰ ਦੀ ਮੱਦਦ ਕੀਤੀ ਜਾਵੇਗੀ। ਇਸੇ ਦੌਰਾਨ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਇਸ ਸਥਿਤੀ ਨਾਲ ਨਜਿੱਠਣ ਲਈ ਤੁਰੰਤ ਉਪਾਅ ਵਜੋਂ 71 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਕੇਂਦਰੀ ਮੰਤਰੀ ਕੋਲੋਂ ਮੰਗ ਕੀਤੀ ਕਿ ਕੇਂਦਰ ਸਰਕਾਰ ਹੜ੍ਹ ਪ੍ਰਭਾਵਿਤ ਕਿਸਾਨਾਂ ਅਤੇ ਲੋਕਾਂ ਦੀ ਸਾਰ ਲਈ ਅੱਗੇ ਆਵੇ ਅਤੇ ਪੰਜਾਬ ਨੂੰ ਵਿਸ਼ੇਸ਼ ਰਾਹਤ ਪੈਕੇਜ ਦਿੱਤਾ ਜਾਵੇ।

