
ਰਾਜਪਾਲ ਨੇ ਪੰਜ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਕੀਤਾ ਹੈ ਦੌਰਾ
ਅੰਮਿ੍ਰਤਸਰ/ਬਿਊਰੋ ਨਿਊਜ਼
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਪੰਜਾਬ ਦੇ ਪੰਜ ਜ਼ਿਲ੍ਹਿਆਂ ਅੰਮਿ੍ਰਤਸਰ, ਪਠਾਨਕੋਟ, ਗੁਰਦਾਸਪੁਰ, ਤਰਨਤਾਰਨ ਅਤੇ ਫਿਰੋਜ਼ਪੁਰ ਵਿਚ ਹੜ੍ਹਾਂ ਦੀ ਸਥਿਤੀ ਬਾਰੇ ਇਕ ਵਿਸਥਾਰਿਤ ਰਿਪੋਰਟ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਸੌਂਪੀ ਹੈ। ਰਾਜਪਾਲ ਨੇ 1 ਤੋਂ 4 ਸਤੰਬਰ ਤੱਕ ਇਨ੍ਹਾਂ ਪੰਜ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਦੌਰਾ ਕੀਤਾ ਅਤੇ ਉਥੋਂ ਦੀ ਜ਼ਮੀਨੀ ਸਥਿਤੀ ਤੋਂ ਕੇਂਦਰੀ ਮੰਤਰੀ ਨੂੰ ਜਾਣੂ ਕਰਵਾਇਆ। ਉਨ੍ਹਾਂ ਨੇ ਹੜ੍ਹਾਂ ਕਾਰਨ ਜਾਨ-ਮਾਲ, ਫਸਲਾਂ ਅਤੇ ਬੁਨਿਆਦੀ ਢਾਂਚੇ ਦੇ ਹੋਏ ਨੁਕਸਾਨ ਬਾਰੇ ਜਾਣਕਾਰੀ ਦਿੱਤੀ ਅਤੇ ਪੁਨਰਵਾਸ ਕਾਰਜਾਂ ਦੇ ਵੇਰਵੇ ਵੀ ਸਾਂਝੇ ਕੀਤੇ। ਇਸੇ ਦੌਰਾਨ ਫਾਜ਼ਿਲਕਾ ਜ਼ਿਲ੍ਹੇ ਵਿਚ ਵੀ ਹੜ੍ਹਾਂ ਦੀ ਸਥਿਤੀ ਗੰਭੀਰ ਬਣੀ ਹੋਈ ਹੈ ਅਤੇ ਇਸ ਮੁਸ਼ਕਲ ਦੀ ਘੜੀ ਵਿਚ ਫਾਜ਼ਿਲਕਾ ਵਿਚ ਤੈਨਾਤ ਭਾਰਤੀ ਫੌਜ ਦੇ ਜਵਾਨ ਰਾਹਤ ਅਤੇ ਬਚਾਅ ਕਾਰਜਾਂ ਵਿਚ ਜੁਟੇ ਹੋਏ ਹਨ।

