ਪੰਜਾਬ ‘ਚ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਕੇਂਦਰ ਸਰਕਾਰ ਕਰੇਗੀ ਪੂਰੀ ਕੋਸ਼ਿਸ਼ : ਚੌਹਾਨ
ਗੁਰਦਾਸਪੁਰ : ਭਾਰਤ ਦੇ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵਲੋਂ ਵੀਰਵਾਰ ਨੂੰ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਅਤੇ ਕਪੂਰਥਲਾ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਨਾਲ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਸੂਬੇ ਦੇ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੀ ਮੌਜੂਦ ਸਨ। ਡੇਰਾ ਬਾਬਾ ਨਾਨਕ ਦੇ ਨੇੜਲੇ ਪਿੰਡ ਧਰਮਕੋਟ ਰੰਧਾਵਾ ਵਿਖੇ ਹੜ੍ਹ ਪ੍ਰਭਾਵਿਤ ਵਿਅਕਤੀਆਂ ਨਾਲ ਗੱਲ ਕਰਦਿਆਂ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਉਨ੍ਹਾਂ ਵਲੋਂ ਪੰਜਾਬ ਦੇ ਸਰਹੱਦੀ ਖੇਤਰ ਵਿਚ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਨਾਲ ਫਸਲਾਂ ਤੇ ਪਸ਼ੂਧਨ ਦਾ ਬਹੁਤ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਹੜ੍ਹ ਦੌਰਾਨ ਹੋਏ ਨੁਕਸਾਨ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਸਮੇਤ ਹੜ੍ਹ ਪੀੜਤ ਹਰੇਕ ਪਰਿਵਾਰ ਦੀ ਮੱਦਦ ਕੀਤੀ ਜਾਵੇਗੀ। ਇਸੇ ਦੌਰਾਨ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਇਸ ਸਥਿਤੀ ਨਾਲ ਨਜਿੱਠਣ ਲਈ ਤੁਰੰਤ ਉਪਾਅ ਵਜੋਂ 71 ਕਰੋੜ ਰੁਪਏ ਜਾਰੀ ਕੀਤੇ ਗਏ ਹਨ।
ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਹੜ੍ਹ ਪ੍ਰਭਾਵਿਤ 5 ਜ਼ਿਲ੍ਹਿਆਂ ਦੀ ਰਿਪੋਰਟ ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਨੂੰ ਸੌਂਪੀ
ਅੰਮ੍ਰਿਤਸਰ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਦੇ ਪੰਜ ਜ਼ਿਲ੍ਹਿਆਂ ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਤਰਨਤਾਰਨ ਅਤੇ ਫਿਰੋਜ਼ਪੁਰ ਵਿਚ ਹੜ੍ਹਾਂ ਦੀ ਸਥਿਤੀ ਬਾਰੇ ਇਕ ਵਿਸਥਾਰਿਤ ਰਿਪੋਰਟ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਸੌਂਪੀ ਹੈ। ਰਾਜਪਾਲ ਨੇ 1 ਤੋਂ 4 ਸਤੰਬਰ ਤੱਕ ਇਨ੍ਹਾਂ ਪੰਜ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਦੌਰਾ ਕੀਤਾ ਅਤੇ ਉਥੋਂ ਦੀ ਜ਼ਮੀਨੀ ਸਥਿਤੀ ਤੋਂ ਕੇਂਦਰੀ ਮੰਤਰੀ ਨੂੰ ਜਾਣੂ ਕਰਵਾਇਆ। ਉਨ੍ਹਾਂ ਨੇ ਹੜ੍ਹਾਂ ਕਾਰਨ ਜਾਨ-ਮਾਲ, ਫਸਲਾਂ ਅਤੇ ਬੁਨਿਆਦੀ ਢਾਂਚੇ ਦੇ ਹੋਏ ਨੁਕਸਾਨ ਬਾਰੇ ਜਾਣਕਾਰੀ ਦਿੱਤੀ ਅਤੇ ਪੁਨਰਵਾਸ ਕਾਰਜਾਂ ਦੇ ਵੇਰਵੇ ਵੀ ਸਾਂਝੇ ਕੀਤੇ।

