
ਵਾਸ਼ਿੰਗਟਨ/ਬਿਊਰੋ ਨਿਊਜ਼
ਅਮਰੀਕਾ ਦੇ ਸਾਬਕਾ ਕੌਮੀ ਸੁਰੱਖਿਆ ਸਲਾਹਕਾਰ (ਐਨ.ਐਸ.ਏ.) ਜੌਹਨ ਬੋਲਟਨ ਨੇ ਕਿਹਾ ਹੈ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਬਹੁਤ ਚੰਗੇ ਸਬੰਧ ਰਹੇ ਹਨ। ਇਸਦੇ ਨਾਲ ਹੀ ਬੋਲਟਨ ਨੇ ਦਾਅਵਾ ਕੀਤਾ ਕਿ ਹੁਣ ਟਰੰਪ ਅਤੇ ਮੋਦੀ ਦੀ ਗੂੜ੍ਹੀ ਦੋਸਤੀ ਖਤਮ ਹੋ ਚੁੱਕੀ ਹੈ। ਉਨ੍ਹਾਂ ਨੇ ਟਰੰਪ ਦੀ ਨੀਤੀ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਵਾਈਟ ਹਾਊਸ ਨੇ ਅਮਰੀਕਾ ਤੇ ਭਾਰਤ ਦੇ ਸਬੰਧਾਂ ਨੂੰ ਬਹੁਤ ਪਿੱਛੇ ਧੱਕ ਦਿੱਤਾ ਹੈ, ਜਿਸ ਕਰਕੇ ਮੋਦੀ ਰੂਸ ਅਤੇ ਚੀਨ ਦੇ ਨੇੜੇ ਆ ਗਏ ਹਨ। ਉਨ੍ਹਾਂ ਕਿਹਾ ਕਿ ਚੀਨ ਨੇ ਖੁਦ ਨੂੰ ਅਮਰੀਕਾ ਅਤੇ ਟਰੰਪ ਦੇ ਬਦਲ ਦੇ ਰੂਪ ਵਿਚ ਪੇਸ਼ ਕੀਤਾ ਹੈ। ਬੋਲਟਨ ਨੇ ਇਸ ਨੂੰ ਇਕ ਵੱਡੀ ਗਲਤੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਸ ਨੂੰ ਹੁਣ ਠੀਕ ਨਹੀਂ ਕੀਤਾ ਜਾ ਰਿਹਾ ਹੈ ਕਿਉਂਕਿ ਸਥਿਤੀ ਬਹੁਤ ਖਰਾਬ ਹੋ ਚੁੱਕੀ ਹੈ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਬੋਲਟਨ ਨੇ ਮੀਡੀਆ ਨੂੰ ਦਿੱਤੀ ਇਕ ਇੰਟਰਵਿਊ ਵਿਚ ਕਿਹਾ ਸੀ ਕਿ ਟਰੰਪ ਵਲੋਂ ਭਾਰਤ ’ਤੇ 50 ਫੀਸਦੀ ਟੈਰਿਫ ਲਗਾਉਣਾ ਵੱਡੀ ਭੁੱਲ ਹੈ।

