
ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਲੋਂ ਕੀਤੀ ਅਪੀਲ ’ਤੇ ਲਿਆ ਫੈਸਲਾ
ਰੂਪਨਗਰ/ਬਿਊਰੋ ਨਿਊਜ਼
ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਦੇ ਅਧਿਕਾਰੀਆਂ ਨੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਦੀ ਬੇਨਤੀ ’ਤੇ ਭਾਖੜਾ ਡੈਮ ਤੋਂ ਪਾਣੀ ਦੇ ਨਿਕਾਸ ਨੂੰ 85 ਹਜ਼ਾਰ ਕਿਊਸਕ ਤੋਂ ਘਟਾ ਕੇ 70 ਹਜ਼ਾਰ ਕਿਊਸਕ ਕਰ ਦਿੱਤਾ ਹੈ। ਸੂਤਰਾਂ ਦਾ ਕਹਿਣਾ ਹੈ ਕਿ ਲੁਧਿਆਣਾ ਦੇ ਡੀਸੀ ਨੇ ਬੀਬੀਐਮਬੀ ਨੂੰ ਇਕ ਸੁਨੇਹਾ ਭੇਜਿਆ ਸੀ ਕਿ ਲੁਧਿਆਣਾ ਜ਼ਿਲ੍ਹੇ ਵਿਚ ਸਤਲੁਜ ਦਰਿਆ ਨਾਲ ਲੱਗਦੇ ਕੁਝ ਬੰਨ੍ਹਾਂ ਵਿਚ ਪਾੜ ਪੈ ਰਿਹਾ ਹੈ ਅਤੇ ਸਤਲੁਜ ਵਿਚ ਪਾਣੀ ਦੇ ਨਿਕਾਸ ਨੂੰ ਘਟਾਇਆ ਜਾਣਾ ਚਾਹੀਦਾ ਹੈ। ਇਸਦੇ ਚੱਲਦਿਆਂ ਬੀਬੀਐਮਬੀ ਦੇ ਚੇਅਰਮੈਨ ਨੇ ਭਾਖੜਾ ਡੈਮ ਤੋਂ ਪਾਣੀ ਦੇ ਵਹਾਅ ਨੂੰ 15 ਹਜ਼ਾਰ ਕਿਊਸਕ ਘਟਾਇਆ ਹੈ। ਮੌਸਮ ਵਿਭਾਗ ਵਲੋਂ ਆਉਣ ਵਾਲੇ ਦਿਨਾਂ ਵਿਚ ਘੱਟ ਮੀਂਹ ਪੈਣ ਦੀ ਭਵਿੱਖਬਾਣੀ ਦੇ ਚੱਲਦਿਆਂ ਬੀਬੀਐਮਬੀ ਦੇ ਅਧਿਕਾਰੀ ਅਗਲੇ ਕੁਝ ਦਿਨਾਂ ਲਈ ਭਾਖੜਾ ਡੈਮ ਵਿਚੋਂ ਪਾਣੀ ਦਾ ਵਹਾਅ 70 ਹਜ਼ਾਰ ਕਿਊਸਕ ਰੱਖਣ ਦਾ ਫੈਸਲਾ ਲੈ ਸਕਦੇ ਹਨ।

