
ਵਿੱਤ ਮੰਤਰੀ ਅਤੇ ਸਾਬਕਾ ਪੀਐਮ ਸ਼ੇਰ ਬਹਾਦੁਰ ਨੂੰ ਪ੍ਰਦਰਸ਼ਨਕਾਰੀਆਂ ਨੇ ਕੁੱਟਿਆ
ਨਵੀਂ ਦਿੱਲੀ/ਬਿਊਰੋ ਨਿਊਜ਼
ਨੇਪਾਲ ਵਿਚ ਸੋਸ਼ਲ ਮੀਡੀਆ ’ਤੇ ਬੈਨ ਲਗਾਏ ਜਾਣ ਖਿਲਾਫ ਨੌਜਵਾਨਾਂ ਦਾ ਵਿਰੋਧ ਪ੍ਰਦਰਸ਼ਨ ਲਗਾਤਾਰ ਜਾਰੀ ਹੈ ਅਤੇ ਇਨ੍ਹਾਂ ਹਿੰਸਕ ਵਿਰੋਧ ਪ੍ਰਦਰਸ਼ਨਾਂ ਨਾਲ ਹਾਲਾਤ ਲਗਾਤਾਰ ਵਿਗੜਦੇ ਜਾ ਰਹੇ ਹਨ। ਇਸਦੇ ਚੱਲਦਿਆਂ ਪ੍ਰਧਾਨ ਮੰਤਰੀ ਕੇ.ਪੀ. ਸ਼ਰਮਾ ਓਲੀ ਅਤੇ ਰਾਸ਼ਟਰਪਤੀ ਰਾਮਚੰਦਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਪੀਐਮ ਓਲੀ ਨੂੰ ਫੌਜ ਹੈਲੀਕਾਪਟਰ ਰਾਹੀਂ ਕਿਸੇ ਅਣਦੱਸੀ ਥਾਂ ’ਤੇ ਲੈ ਗਈ ਹੈ। ਦੱਸਣਯੋਗ ਹੈ ਕਿ ਨੇਪਾਲ ਵਿਚ ਹਿੰਸਾ ਦੌਰਾਨ ਹੁਣ ਤੱਕ 19 ਵਿਅਕਤੀਆਂ ਦੀ ਜਾਨ ਜਾ ਚੁੱਕੀ ਹੈ। ਇਸਦੇ ਚੱਲਦਿਆਂ ਪ੍ਰਦਰਸ਼ਨਕਾਰੀਆਂ ਨੇ ਸੰਸਦ ਭਵਨ ਵਿਚ ਅੱਗ ਵੀ ਲਗਾ ਦਿੱਤੀ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਓਲੀ, ਰਾਸ਼ਟਰਪਤੀ ਅਤੇ ਗ੍ਰਹਿ ਮੰਤਰੀ ਦੀ ਨਿੱਜੀ ਰਿਹਾਇਸ਼ ’ਤੇ ਭੰਨ ਤੋੜ ਵੀ ਹੋਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਪ੍ਰਦਰਸ਼ਨਕਾਰੀਆਂ ਨੇ ਸਾਬਕਾ ਪ੍ਰਧਾਨ ਮੰਤਰੀ ਸ਼ੇਰ ਬਹਾਦੁਰ ਦੇਓਬਾ ਨੂੰ ਉਨ੍ਹਾਂ ਦੇ ਘਰ ਵਿਚ ਦਾਖਲ ਹੋ ਕੇ ਕੁੱਟਿਆ। ਇਸੇ ਦੌਰਾਨ ਵਿੱਤ ਮੰਤਰੀ ਵਿਸ਼ਣੂ ਪੋਡੈਲ ਨੂੰ ਵੀ ਕਾਠਮੰਡੂ ਵਿਚ ਉਨ੍ਹਾਂ ਦੀ ਰਿਹਾਇਸ਼ ਦੇ ਨੇੜੇ ਕੁੱਟਿਆ ਗਿਆ।
ਨੇਪਾਲ ’ਚ ਭਾਰਤੀ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ
ਭਾਰਤੀ ਨਾਗਰਿਕਾਂ ਨੂੰ ਚੌਕਸ ਰਹਿਣ ਲਈ ਕਿਹਾ
ਨਵੀਂ ਦਿੱਲੀ/ਬਿਊਰੋ ਨਿਊਜ਼
ਨੇਪਾਲ ਸਰਕਾਰ ਵਲੋਂ ਸ਼ੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਪਾਬੰਦੀ ਲਗਾਉਣ ਤੋਂ ਬਾਅਦ ਹੋ ਰਹੇ ਵਿਰੋਧ ਪ੍ਰਦਰਸ਼ਨਾਂ ਨੂੰ ਦੇਖਦਿਆਂ ਭਾਰਤ ਨੇ ਨੇਪਾਲ ਵਿਚ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ ਕਰ ਦਿੱਤੀ ਹੈ। ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਇਕ ਬਿਆਨ ਵਿਚ ਕਿਹਾ ਕਿ ਉਹ ਨੇਪਾਲ ਵਿਚ ਹਾਲਾਤ ’ਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ। ਐਡਵਾਈਜ਼ਰੀ ਵਿਚ ਭਾਰਤੀ ਨਾਗਰਿਕਾਂ ਨੂੰ ਚੌਕਸ ਰਹਿਣ ਅਤੇ ਸਥਾਨਕ ਅਧਿਕਾਰੀਆਂ ਵਲੋਂ ਜਾਰੀ ਕੀਤੇ ਗਏ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ। ਭਾਰਤੀ ਵਿਦੇਸ਼ ਮੰਤਰਾਲੇ ਨੇ ਨੇਪਾਲ ਵਿਚ ਹਿੰਸਕ ਕਾਰਵਾਈਆਂ ’ਤੇ ਚਿੰਤਾ ਜ਼ਾਹਰ ਕੀਤੀ ਹੈ। ਵਿਦੇਸ਼ ਮੰਤਰਾਲੇ ਨੇ ਸਾਰੀਆਂ ਧਿਰਾਂ ਨੂੰ ਸੰਜਮ ਵਰਤਣ ਅਤੇ ਗੱਲਬਾਤ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।

