
ਪ੍ਰਧਾਨ ਮੰਤਰੀ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਕੀਤਾ ਹਵਾਈ ਸਰਵੇਖਣ
ਚੰਡੀਗੜ੍ਹ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਵਿਚ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ 1600 ਕਰੋੜ ਰੁਪਏ ਦੇ ਰਾਹਤ ਪੈਕੇਜ ਦਾ ਐਲਾਨ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਪੰਜਾਬ ਵਿਚ ਹੜ੍ਹਾਂ ਕਾਰਨ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ ਦੋ-ਦੋ ਲੱਖ ਰੁਪਏ ਅਤੇ ਜ਼ਖ਼ਮੀਆਂ ਲਈ ਪੰਜਾਹ-ਪੰਜਾਹ ਹਜ਼ਾਰ ਰੁਪਏ ਦੀ ਸਹਾਇਤਾ ਐਲਾਨ ਵੀ ਕੀਤਾ ਹੈ। ਇਸ ਤੋਂ ਪਹਿਲਾਂ ਪੀਐਮ ਮੋਦੀ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਹਵਾਈ ਸਰਵੇਖਣ ਕੀਤਾ ਹੈ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਗੁਰਦਾਸਪੁਰ ਪੁੱਜੇ ਅਤੇ ਉਨ੍ਹਾਂ ਨੇ ਹੜ੍ਹ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਇਸੇ ਦੌਰਾਨ ਉਨ੍ਹਾਂ ਨੇ ਐਨ.ਡੀ.ਆਰ.ਐਫ. ਅਤੇ ਐਸ.ਡੀ.ਆਰ.ਐਫ. ਟੀਮ ਨਾਲ ਵੀ ਗੱਲਬਾਤ ਕੀਤੀ ਹੈ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਦੇ ਨਾਲ ਕੇਂਦਰੀ ਮੰਤਰੀ ਰਵਨੀਤ ਬਿੱਟੂ ਅਤੇ ਸੁਨੀਲ ਜਾਖੜ ਵੀ ਹਾਜ਼ਰ ਰਹੇ। ਧਿਆਨ ਰਹੇ ਕਿ ਪੰਜਾਬ ਵਿਚ ਸਾਲ 1988 ਤੋਂ ਬਾਅਦ ਹੁਣ ਆਏ ਹੜ੍ਹਾਂ ਨਾਲ ਵੱਡੇ ਪੱਧਰ ’ਤੇ ਨੁਕਸਾਨ ਹੋਇਆ ਹੈ ਅਤੇ ਕਿਸਾਨਾਂ ਦੀ ਹਜ਼ਾਰਾਂ ਏਕੜ ਫਸਲ ਖਤਮ ਹੋ ਗਈ ਅਤੇ ਕਈ ਪਰਿਵਾਰਾਂ ਦੇ ਘਰ ਵੀ ਹੜ੍ਹਾਂ ਦੇ ਪਾਣੀ ਵਿਚ ਰੁੜ ਗਏ ਹਨ।

