
14 ਸਤੰਬਰ ਦਿਨ ਐਤਵਾਰ ਨੂੰ ਦੁਬਈ ’ਚ ਖੇਡਿਆ ਜਾਣਾ ਹੈ ਇਹ ਮੈਚ
ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਨੇ ਕ੍ਰਿਕਟ ਏਸ਼ੀਆ ਕੱਪ-2025 ਦੇ ਚੱਲਦਿਆਂ ਭਾਰਤ ਅਤੇ ਪਾਕਿਸਤਾਨ ਵਿਚਕਾਰ ਦੁਬਈ ’ਚ ਖੇਡੇ ਜਾਣ ਵਾਲੇ ਕਿ੍ਰਕਟ ਮੈਚ ਨੂੰ ਰੋਕਣ ਵਾਲੀ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਨੇ ਕਿਹਾ ਕਿ ਮੈਚ ਆਉਂਦੇ ਐਤਵਾਰ ਨੂੰ ਹੋਣਾ ਹੈ, ਇਸ ’ਤੇ ਕੋਈ ਸੁਣਵਾਈ ਨਹੀਂ ਹੋਵੇਗੀ। ਅਦਾਲਤ ਨੇ ਦੱਸਿਆ ਕਿ ਪਟੀਸ਼ਨਕਰਤਾ ਨੇ 14 ਸਤੰਬਰ ਨੂੰ ਹੋਣ ਵਾਲੇ ਮੈਚ ਤੋਂ ਪਹਿਲਾਂ ਸੁਣਵਾਈ ਦੀ ਮੰਗ ਕੀਤੀ ਸੀ। ਜ਼ਿਕਰਯੋਗ ਹੈ ਕਿ ਇਸ ਮੈਚ ਨੂੰ ਰੱਦ ਕਰਨ ਦੀ ਮੰਗ ਕਰਦੇ ਹੋਏ ਸੁਪਰੀਮ ਕੋਰਟ ਵਿਚ ਚਾਰ ਕਾਨੂੰਨ ਦੇ ਵਿਦਿਆਰਥੀਆਂ ਵਲੋਂ ਪਟੀਸ਼ਨ ਦਾਇਰ ਕੀਤੀ ਗਈ ਸੀ। ਪਟੀਸ਼ਨ ਵਿਚ ਕਿਹਾ ਗਿਆ ਸੀ ਕਿ ਜੰਮੂ ਕਸ਼ਮੀਰ ਦੇ ਪਹਿਲਗਾਮ ਵਿਚ ਹੋਏ ਦਹਿਸ਼ਤੀ ਹਮਲੇ ਅਤੇ ਅਪਰੇਸ਼ਨ ਸੰਧੂਰ ਤੋਂ ਬਾਅਦ ਭਾਰਤ ਤੇ ਪਾਕਿਸਤਾਨ ਵਿਚਕਾਰ ਕ੍ਰਿਕਟ ਮੈਚ ਕਰਵਾਉਣਾ ਭਾਵਨਾਵਾਂ ਦੇ ਖਿਲਾਫ ਹੈ। ਇਸਦੇ ਚੱਲਦਿਆਂ ਸੁਪਰੀਮ ਕੋਰਟ ਨੇ ਸਪੱਸ਼ਟ ਕੀਤਾ ਕਿ ਇਸ ਮਾਮਲੇ ਵਿਚ ਤੁਰੰਤ ਦਖਲਅੰਦਾਜ਼ੀ ਸੰਭਵ ਨਹੀਂ ਹੈ।

