ਸੀਐਮ ਭਗਵੰਤ ਮਾਨ ਕੈਬਨਿਟ ਮੀਟਿੰਗ ‘ਚ ਵੀਡੀਓ ਕਾਨਫਰੰਸਿੰਗ ਜ਼ਰੀਏ ਹੋਏ ਸ਼ਾਮਲ
ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਵਿਚ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਇਸ ਕੈਬਨਿਟ ਮੀਟਿੰਗ ਵਿਚ ਵਰਚੂਅਲੀ ਤੌਰ ‘ਤੇ ਸ਼ਾਮਲ ਹੋਏ ਹਨ। ਮੀਟਿੰਗ ਖਤਮ ਹੋਣ ਤੋਂ ਬਾਅਦ ਭਗਵੰਤ ਮਾਨ ਨੇ ਮੀਟਿੰਗ ਦੌਰਾਨ ਹੜ੍ਹਾਂ ਸਬੰਧੀ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦਿੱਤੀ ਹੈ। ਸਭ ਤੋਂ ਪਹਿਲਾਂ ਮਾਨ ਨੇ ਕਿਹਾ ਕਿ ਮੈਂ ਹਸਪਤਾਲ ਵਿਖੇ ਆਪਣੇ ਕਮਰੇ ਵਿਚ ਬਹਿ ਕੇ ਹਰ ਸਮੇਂ ਪੰਜਾਬੀਆਂ ਦੀ ਚਿੰਤਾ ਕਰਦਾ ਹਾਂ ਤੇ ਜਲਦ ਹੀ ਠੀਕ ਹੋ ਕੇ ਉਨ੍ਹਾਂ ਦੇ ਵਿਚਕਾਰ ਜਾਵਾਂਗਾ। ਧਿਆਨ ਰਹੇ ਕਿ ਮੁੱਖ ਮੰਤਰੀ ਮਾਨ ਦੀ ਸਿਹਤ ਪਿਛਲੇ ਦਿਨੀਂ ਖਰਾਬ ਹੋ ਗਈ ਸੀ ਅਤੇ ਉਨ੍ਹਾਂ ਦਾ ਇਲਾਜ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਚੱਲ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮੈਂ ਆਪਣੇ ਸਾਰੇ ਅਧਿਕਾਰੀਆਂ ਅਤੇ ਮੰਤਰੀਆਂ ਨੂੰ ਨਿਰਦੇਸ਼ ਦਿੱਤਾ ਹੈ ਕਿ ਇਸ ਦੁੱਖ ਦੀ ਘੜੀ ਵਿਚ ਲੋਕਾਂ ਦੇ ਨਾਲ ਜਾ ਕੇ ਖੜ੍ਹੇ ਹੋਵੋ। ਉਨ੍ਹਾਂ ਦੱਸਿਆ ਕਿ ਅਸੀਂ ‘ਜਿਸ ਦਾ ਖੇਤ, ਉਸ ਦੀ ਰੇਤ’ ਨੂੰ ਮਨਜੂਰੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਹੜ੍ਹਾਂ ਕਾਰਨ ਖਰਾਬ ਹੋਈਆਂ ਫਸਲਾਂ ਦਾ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇਗਾ। ਸੀਐਮ ਮਾਨ ਨੇ ਕਿਹਾ ਕਿ ਹੜ੍ਹਾਂ ਕਾਰਨ ਜਿਨ੍ਹਾਂ ਵਿਅਕਤੀਆਂ ਦੀ ਜਾਨ ਗਈ ਹੈ, ਉਨ੍ਹਾਂ ਦੇ ਪਰਿਵਾਰਾਂ ਨੂੰ ਚਾਰ-ਚਾਰ ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਹਰ ਦੁੱਖ ਦੀ ਘੜੀ ਵਿਚ ਪੰਜਾਬੀਆਂ ਦੇ ਨਾਲ ਖੜ੍ਹੀ ਹੈ।

