ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਦੇ ਫੈਸਲੇ ਦਾ ਕੀਤਾ ਵਿਰੋਧ
ਅੰਮਿ੍ਰਤਸਰ/ਬਿਊਰੋ ਨਿਊਜ਼
ਭਾਰਤ ਤੇ ਪਾਕਿਸਤਾਨ ਵਿਚਾਲੇ ਟਕਰਾਅ ਦੇ ਚੱਲਦਿਆਂ ਸਿੱਖ ਸ਼ਰਧਾਲੂਆਂ ਦਾ ਜਥਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਨਹੀਂ ਜਾ ਸਕੇਗਾ। ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵਲੋਂ ਪੰਜਾਬ ਸਣੇ ਹੋਰ ਸੂਬਿਆਂ ਦੇ ਮੁੱਖ ਸਕੱਤਰਾਂ ਨੂੰ ਪੱਤਰ ਲਿਖ ਕੇ ਇਹ ਜਾਣਕਾਰੀ ਦਿੱਤੀ ਗਈ ਹੈ। ਗ੍ਰਹਿ ਮੰਤਰਾਲੇ ਵਲੋਂ ਇਸ ਨੂੰ ਲੈ ਕੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੱਤਾ ਗਿਆ ਹੈ। ਇਸਦੇ ਚੱਲਦਿਆਂ ਸਿੱਖ ਜਥੇਬੰਦੀਆਂ ਨੇ ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਵਿਰੋਧ ਕੀਤਾ ਹੈ ਅਤੇ ਇਸ ਫੈਸਲੇ ’ਤੇ ਪੁਨਰਵਿਚਾਰ ਦੀ ਮੰਗ ਕੀਤੀ ਹੈ। ਨਵੇਂ ਬਣੇ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਜੇਕਰ ਭਾਰਤ ਅਤੇ ਪਾਕਿਸਤਾਨ ਵਿਚਾਲੇ ਕ੍ਰਿਕਟ ਦਾ ਮੈਚ ਹੋ ਸਕਦਾ ਹੈ ਤਾਂ ਸਿੱਖ ਸ਼ਰਧਾਲੂਆਂ ’ਤੇ ਪਾਬੰਦੀ ਕਿਉਂ ਲਗਾਈ ਜਾ ਰਹੀ ਹੈ। ਇਸੇ ਦੌਰਾਨ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕੇਂਦਰ ਸਰਕਾਰ ਦੀ ਇਸ ਐਡਵਾਈਜ਼ਰੀ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪੁੱਜੀ ਹੈ।