-5.9 C
Toronto
Monday, December 22, 2025
spot_img
HomeਕੈਨੇਡਾFrontਅੰਮਿ੍ਰਤਸਰ ਅਤੇ ਗੁਰਦਾਸਪੁਰ ’ਚ ਹੜ੍ਹ ਪੀੜਤਾਂ ਨੂੰ ਮਿਲੇ ਰਾਹੁਲ ਗਾਂਧੀ

ਅੰਮਿ੍ਰਤਸਰ ਅਤੇ ਗੁਰਦਾਸਪੁਰ ’ਚ ਹੜ੍ਹ ਪੀੜਤਾਂ ਨੂੰ ਮਿਲੇ ਰਾਹੁਲ ਗਾਂਧੀ


ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਵੀ ਰਾਹੁਲ ਨਾਲ ਰਹੀ ਹਾਜ਼ਰ
ਚੰਡੀਗੜ੍ਹ/ਬਿਊਰੋ ਨਿਊਜ਼
ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੇ ਅੱਜ ਅੰਮਿ੍ਰਤਸਰ ਅਤੇ ਗੁਰਦਾਸਪੁਰ ਵਿਚ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਹੈ। ਇਸ ਮੌਕੇ ਰਾਹੁਲ ਨੇ ਹੜ੍ਹ ਤੋਂ ਪ੍ਰਭਾਵਿਤ ਵਿਅਕਤੀਆਂ ਨਾਲ ਗੱਲਬਾਤ ਵੀ ਕੀਤੀ । ਰਾਹੁਲ ਪਹਿਲਾਂ ਅੰਮਿ੍ਰਤਸਰ ਦੇ ਅਜਨਾਲਾ ਖੇਤਰ ਵਿਚ ਗਏ ਅਤੇ ਉਥੇ ਉਨ੍ਹਾਂ ਹੜ੍ਹਾਂ ਨਾਲ ਹੋਏ ਨੁਕਸਾਨ ਸਬੰਧੀ ਜਾਣਕਾਰੀ ਲਈ। ਇਸ ਤੋਂ ਬਾਅਦ ਰਾਹੁਲ ਗਾਂਧੀ ਗੁਰਦਾਸਪੁਰ ਜ਼ਿਲ੍ਹੇ ਵਿਚ ਡੇਰਾ ਬਾਬਾ ਨਾਨਕ ਹਲਕੇ ਦੇ ਪਿੰਡਾਂ ਵਿਚ ਪਹੁੰਚ ਗਏ। ਰਾਹੁਲ ਨੇ ਪਿੰਡਾਂ ਵਿਚ ਜਾ ਕੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਮੌਕੇ ਪੰਜਾਬ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਵੀ ਰਾਹੁਲ ਗਾਂਧੀ ਦੇ ਨਾਲ ਹਾਜ਼ਰ ਰਹੀ। ਧਿਆਨ ਰਹੇ ਕਿ ਪਿਛਲੇ ਦਿਨੀਂ ਪੰਜਾਬ ਵਿਚ ਆਏ ਹੜ੍ਹਾਂ ਕਾਰਨ ਗੁਰਦਾਸਪੁਰ, ਪਠਾਨਕੋਟ, ਅੰਮਿ੍ਰਤਸਰ, ਫਿਰੋਜ਼ਪੁਰ ਅਤੇ ਕਪੂਰਥਲਾ ਖੇਤਰ ਵਿਚ ਭਾਰੀ ਨੁਕਸਾਨ ਹੋਇਆ ਹੈ। ਇਸਦੇ ਚੱਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਪੰਜਾਬ ਦੀ ਸਮੁੱਚੀ ਲੀਡਰਸ਼ਿਪ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਦੌਰੇ ਕਰ ਚੁੱਕੀ ਹੈ।

ਰਾਹੁਲ ਗਾਂਧੀ ਨੂੰ ਰਾਵੀ ਦਰਿਆ ਦੇ ਪਾਰਲੇ ਪਿੰਡਾਂ ’ਚ ਜਾਣ ਤੋਂ ਰੋਕਿਆ
ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਰਾਹੁਲ ਦੀ ਹੋ ਗਈ ਬਹਿਸ
ਗੁਰਦਾਸਪੁਰ/ਬਿਊਰੋ ਨਿਊਜ਼
ਰਾਹੁਲ ਗਾਂਧੀ ਅੱਜ ਗੁਰਦਾਸਪੁਰ ਦੇ ਕਸਬਾ ਦੀਨਾਨਗਰ ਨੇੜੇ ਰਾਵੀ ਦਰਿਆ ਦੇ ਮਕੌੜਾ ਪੱਤਣ ਵਿਖੇ ਵੀ ਪਹੁੰਚੇ ਅਤੇ ਇੱਥੇ ਵੀ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ। ਇਸ ਮੌਕੇ ਗੁਰਦਾਸਪੁਰ ਦੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰਾਹੁਲ ਗਾਂਧੀ ਨੂੰ ਮਕੌੜਾ ਪੱਤਣ ਤੋਂ ਰਾਵੀ ਦਰਿਆ ਦੇ ਪਾਰ ਸਥਿਤ 7 ਪਿੰਡਾਂ ਵਿਚ ਜਾਣ ਤੋਂ ਰੋਕ ਦਿੱਤਾ ਗਿਆ। ਜਿਸ ਕਾਰਨ ਰਾਹੁਲ ਦੀ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਬਹਿਸ ਵੀ ਹੋ ਗਈ। ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਦੱਸਿਆ ਕਿ ਉਹ ਰਾਵੀ ਦਰਿਆ ਤੋਂ ਪਾਰ ਵਸੇ ਪਿੰਡਾਂ ਦੇ ਲੋਕਾਂ ਨੂੰ ਮਿਲਣਾ ਚਾਹੁੰਦੇ ਸਨ, ਪਰ ਉਨ੍ਹਾਂ ਨੂੰ ਮਿਲਣ ਤੋਂ ਕਿਉਂ ਰੋਕਿਆ ਜਾ ਰਿਹਾ ਹੈ। ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਇਹ ਬਹੁਤ ਦੁੱਖ ਦੀ ਗੱਲ ਹੈ ਕਿ ਰਾਹੁਲ ਨੂੰ ਰਾਵੀ ਦਰਿਆ ਤੋਂ ਪਾਰ ਜਾਣ ਤੋਂ ਰੋਕ ਦਿੱਤਾ ਗਿਆ, ਜਦੋਂ ਕਿ ਲੋਕ ਉਨ੍ਹਾਂ ਦਾ ਇੰਤਜ਼ਾਰ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਇਸਦਾ ਜਵਾਬ ਦੇਣਾ ਚਾਹੀਦਾ ਹੈ।

RELATED ARTICLES
POPULAR POSTS