
ਬਿਆਸ ਦਰਿਆ ਕਿਨਾਰੇ ਵਸੇ ਕਿਸਾਨਾਂ ਦੀਆਂ ਚਿੰਤਾਵਾਂ ਫਿਰ ਵਧੀਆਂ
ਮੁਕੇਰੀਆਂ/ਬਿਊਰੋ ਨਿਊਜ਼
ਪੌਂਗ ਡੈਮ ਵਿਚ ਵਧਦੇ ਜਾ ਰਹੇ ਪਾਣੀ ਦੇ ਪੱਧਰ ਨੇ ਕਿਸਾਨਾਂ ਦੀਆਂ ਚਿੰਤਾਵਾਂ ਮੁੜ ਵਧਾ ਦਿੱਤੀਆਂ ਹਨ। ਡੈਮ ’ਚੋਂ ਪਹਿਲਾਂ ਹੀ ਛੱਡਿਆ ਜਾ ਰਿਹਾ ਪਾਣੀ ਕਿਸਾਨਾਂ ਦੀਆਂ ਫਸਲਾਂ ਡੋਬ ਰਿਹਾ ਹੈ। ਧਿਆਨ ਰਹੇ ਕਿ ਪਿਛਲੇ ਦਿਨ ਪੌਂਗ ਡੈਮ ਵਿਚ ਪਾਣੀ ਦੀ ਆਮਦ ਵਿਚ ਵੱਡੇ ਪੱਧਰ ’ਤੇ ਵਾਧਾ ਹੋਇਆ ਸੀ ਅਤੇ ਅੱਜ ਪਾਣੀ ਦਾ ਪੱਧਰ 1395 ਫੁੱਟ ਨੂੰ ਪਾਰ ਕਰ ਗਿਆ ਹੈ ਅਤੇ ਇਹ ਵਾਧਾ ਲਗਾਤਾਰ ਜਾਰੀ ਹੈ। ਇਸ ਨੂੰ ਦੇਖਦਿਆਂ ਮੁਕੇਰੀਆਂ ਖੇਤਰ ਦੇ ਕਿਸਾਨਾਂ ਨੇ ਦੱਸਿਆ ਕਿ ਹੜ੍ਹ ਕਾਰਨ ਬਿਆਸ ਦਰਿਆ ਕਿਨਾਰੇ ਜ਼ਮੀਨਾਂ ਤੇ ਫਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਉਨ੍ਹਾਂ ਦੱਸਿਆ ਕਿ ਜੇਕਰ ਅਜਿਹਾ ਹੀ ਚੱਲਦਾ ਰਿਹਾ ਤਾਂ ਪਹਿਲਾਂ ਹੀ ਫਸਲਾਂ ਦਾ ਨੁਕਸਾਨ ਝੱਲ ਚੁੱਕੇ ਕਿਸਾਨਾਂ ਨੂੰ ਅਗਲੀ ਫਸਲ ਤੋਂ ਵੀ ਵਾਂਝਾ ਰਹਿਣਾ ਪੈ ਸਕਦਾ ਹੈ।

